ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ ( ਵਿਕਾਸ ਮਠਾੜੂ)-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 93 ਹਜ਼ਾਰ 942 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 91 ਹਜ਼ਾਰ 104 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 27 ਹਜ਼ਾਰ 595 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 134.50 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 18451 ਮੀਟਰਕ ਟਨ, ਮਾਰਕਫੈੱਡ ਵੱਲੋਂ 19795 ਮੀਟਰਕ ਟਨ, ਪਨਸਪ ਵੱਲੋਂ 19003 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 21927 ਮੀਟਰਕ ਟਨ, ਐਫ.ਸੀ.ਆਈ. ਵੱਲੋਂ 9626 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 2302 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈਹੈ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਬੋਲੀ ਲਗਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।