Home ਨੌਕਰੀ ਨੌਜਵਾਨਾਂ ਵੱਲੋਂ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਅਪਲਾਈ ਕੀਤੇ ਜਾਂਦੇ ਲੋਨ ਦੇ...

ਨੌਜਵਾਨਾਂ ਵੱਲੋਂ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਅਪਲਾਈ ਕੀਤੇ ਜਾਂਦੇ ਲੋਨ ਦੇ ਕੇਸਾਂ ਦਾ ਨਿਪਟਾਰਾ ਬੈਂਕ ਪਹਿਲ ਦੇ ਅਧਾਰ ’ਤੇ ਕਰਨ – ਡਿਪਟੀ ਕਮਿਸ਼ਨਰ

61
0


ਗੁਰਦਾਸਪੁਰ, 21 ਅਪ੍ਰੈਲ (ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਜਵਾਨਾਂ ਵੱਲੋਂ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਅਪਲਾਈ ਕੀਤੇ ਜਾਂਦੇ ਲੋਨ ਦੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕਰਨ ਤਾਂ ਜੋ ਨੌਜਵਾਨ ਆਪਣੇ ਕੰਮ-ਕਾਰ ਸ਼ੁਰੂ ਕਰਕੇ ਆਤਮ ਨਿਰਭਰ ਹੋ ਸਕਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲੋਨ ਪਾਸ ਹੋਣ ਨਾਲ ਜਿਥੇ ਨੌਜਵਾਨ ਰੁਜ਼ਗਾਰ ’ਤੇ ਲੱਗਣਗੇ ਓਥੇ ਇਸ ਨਾਲ ਸਾਡੇ ਦੇਸ਼ ਤੇ ਸਮਾਜ ਦੀ ਤਰੱਕੀ ਵੀ ਹੋਵੇਗੀ।ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਲੋਨ ਦੀ ਫਾਈਲ ਪ੍ਰਾਪਤ ਕਰਨ ਸਮੇਂ ਹੀ ਸਾਰੇ ਲੋੜੀਂਦੇ ਕਾਗਜ਼ਾਤ ਪੂਰੇ ਕਰ ਲਿਆ ਕਰਨ ਤਾਂ ਜੋ ਲੋਨ ਪਾਸ ਕਰਨ ਸਮੇਂ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਬੈਂਕ ਵੱਲੋਂ ਦਿਖਾਈ ਗਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਿਸ਼ਨ ‘ਆਬਾਦ’ ਤਹਿਤ ਸਕਿੱਲ ਡਿਵੈਲਪਮੈਂਟ ਪ੍ਰੋਗਾਰਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਬਣਾਉਣ ਲਈ ਗੁਰਦਾਸਪੁਰ ਵਿਖੇ ਜਲਦ ਹੀ ਆਰ-ਸੇਟੀ (ਰੂਰਲ ਸੈਲਫ ਇੰਪਲਾਇਮੈਂਟ ਟਰੇਨਿੰਗ ਇੰਸਟੀਚਿਊਟ) ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਰ-ਸੇਟੀ ਦੀ ਆਪਣੀ ਇਮਾਰਤ ਬਣ ਕੇ ਤਿਆਰ ਨਹੀਂ ਹੁੰਦੀ ਉਦੋਂ ਤੱਕ ਕਿਸੇ ਕਿਰਾਏ ਦੀ ਇਮਾਰਤ ਵਿੱਚ ਇਸਨੂੰ ਚਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਅਪ੍ਰੈਲ ਤੱਕ ਆਰ-ਸੇਟੀ ਲਈ ਇਮਾਰਤ ਦੀ ਚੋਣ ਕੀਤੀ ਜਾਵੇ ਤਾਂ ਜੋ ਜਲਦ ਤੋਂ ਜਲਦ ਆਰ-ਸੇਟੀ ਵਿੱਚ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ ਕੀਤੀ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਸੀ-ਪਾਈਟ ਡੇਰਾ ਬਾਬਾ ਨਾਨਕ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਉਦਯੋਗ ਵਿਭਾਗ ਅਤੇ ਸਰਕਾਰੀ ਆਈ.ਟੀ.ਆਈਜ਼ ਅਤੇ ਬਹੁਤਕਨੀਕੀ ਕਾਲਜਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਥਾਨਕ ਉਦਯੋਗਾਂ ਦੀ ਲੋੜਾਂ ਅਨੁਸਾਰ ਉਨ੍ਹਾਂ ਨੂੰ ਸਿੱਖਿਅਤ ਕਾਮੇ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸਿੱਖਿਆ ਹਾਸਲ ਕਰਨ ਉਪਰੰਤ ਉਨ੍ਹਾਂ ਨੂੰ ਨੌਂਕਰੀ ਜਾਂ ਰੁਜ਼ਗਾਰ ਦਿਵਾਉਣ ਵਿੱਚ ਵੀ ਮਦਦ ਕੀਤੀ ਜਾਵੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਇੱਕ ਯੈਲੋ ਪੇਜ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ ਸਾਰੇ ਖੇਤਰਾਂ ਨਾਲ ਸਬੰਧਤ ਸਿੱਖਿਅਤ ਕਾਮਿਆਂ/ ਸਰਵਿਸ ਪ੍ਰੋਵਾਈਡਰਾਂ ਦੇ ਨੰਬਰ ਦਰਜ ਕੀਤੇ ਜਾਣਗੇ ਤਾਂ ਜੋ ਲੋੜ ਪੈਣ ’ਤੇ ਲੋਕ ਉਨ੍ਹਾਂ ਦੀ ਪੇਡ ਸੇਵਾਵਾਂ ਲੈ ਸਕਣ ਜਿਸ ਨਾਲ ਕਾਮਿਆਂ ਨੂੰ ਕੰਮ ਮਿਲਣ ਦੇ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।ਉਨ੍ਹਾਂ ਕਿਹਾ ਕਿ ਜਿਹੜੇ ਕਾਮੇ ਜਾਂ ਸਰਵਿਸ ਪ੍ਰੋਵਾਈਡਰ ਆਪਣਾ ਨਾਮ ਇਸ ਯੈਲੋ ਪੇਜ ਡਾਇਰੈਕਟਰੀ ਵਿੱਚ ਦਰਜ ਕਰਵਾਉਣਾ ਚਾਹੁੰਦੇ ਹਨ ਉਹ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ। ਮੀਟਿੰਗ ਦੌਰਾਨ ਅਬਾਦ ਹੁਨਰ ਹੱਟ, ਸਵੈ ਸਹਾਇਤਾ ਸਮੂਹਾਂ, ਸੁਪਰ-30 ਬੈਚ ਅਤੇ ਨੌਜਵਾਨਾਂ ਨੂੰ ਕਰੀਅਰ ਕਾਊਂਸਲਿੰਗ ਦੇਣ ਬਾਰੇ ਵੀ ਵਿਚਾਰ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ,ਸਹਾਇਕ ਕਮਸ਼ਿਨਰ (ਜ) ਸਚਿਨ ਪਾਠਕ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ,ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here