ਮੋਗਾ, 23 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ।ਇਸੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਈਆਂ ਨੈਸ਼ਨਲ ਗੇਮਜ਼-2022 ਵਿੱਚ ਤਮਗੇ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਦੇ 35 ਸੈਕਟਰ ਵਿਖੇ ਸਥਾਪਿਤ ਮਿਊਂਸਿਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੈਸ਼ਨਲ ਗੇਮਜ਼ ਵਿੱਚ ਜ਼ਿਲ੍ਹਾ ਮੋਗਾ ਦੇ ਮਾਣਮੱਤੇ ਕੌਮਾਂਤਰੀ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੇ ਐਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਸੀ।ਜਿਸ ਕਰਕੇ ਉਸਨੂੰ ਮੁੱਖ ਮੰਤਰੀ ਪੰਜਾਬ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਜ਼ਿਲ੍ਹਾ ਮੋਗਾ ਦੇ ਤੇਜਿੰਦਰਪਾਲ ਸਿੰਘ ਤੂਰ ਸਮੇਤ 8 ਖਿਡਾਰੀਆਂ ਨੇ ਸੋਨੇ ਅਤੇ ਚਾਂਦੀ ਦੇ ਤਮਗੇ ਹਾਸਿਲ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨ ਖਿਡਾਰਨਾਂ ਮਨਵੀਰ ਕੌਰ, ਹਰਵਿੰਦਰ ਕੌਰ ਅਤੇ ਪਰਕਾਸ਼ ਕੌਰ ਨੇ ਵੀ ਟੀਮ ਵਰਗ ਦੇ ਸਾਫਟਬਾਲ ਮੁਕਾਬਲੇ ਵਿੱਚ ਸੋਨ ਤਮਗੇ ਹਾਸਿਲ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਖਿਡਾਰਨਾਂ ਨੂੰ ਵੀ 5-5 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ।ਉਨ੍ਹਾਂ ਦੱਸਿਆ ਕਿ ਖਿਡਾਰੀ ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਭਗਵਾਨ ਸਿੰਘ ਅਤੇ ਜਸਮੇਲ ਸਿੰਘ ਨੇ ਰੋਇੰਗ ਖੇਡ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਸੀ, ਜਿਸ ਬਦਲੇ ਉਹਨਾਂ ਨੂੰ 3-3 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ 16 ਹਜ਼ਾਰ ਰੁਪਏ ਦਿੱਤੇ ਜਾਣਗੇ, ਤਾਂ ਜੋ ਊਹ ਹੋਰ ਵਧੀਆਂ ਢੰਗ ਨਾਲ ਆਪਣਾ ਅਭਿਆਸ ਜਾਰੀ ਰੱਖਣ ਅਤੇ ਅਗਲੀਆਂ ਹੋਣ ਵਾਲੀਆਂ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਤਮਗੇ ਹਾਸਿਲ ਕਰ ਸਕਣ।ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਸ ਸਨਮਾਨ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਮਾਣਮੱਤੀਆਂ ਪ੍ਰਾਪਤੀਆਂ ਕਰਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਉਹਨਾਂ ਹੋਰ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣ ਅਤੇ ਆਪਣੇ ਮਾਪਿਆਂ, ਜ਼ਿਲ੍ਹਾ ਮੋਗਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਵੀ ਨਾਲ ਹਾਜ਼ਰ ਸਨ।