- ਕੈਂਸਰ ਦੇ ਰੋਗੀਆਂ ਨੂੰ ਇਲਾਜ ਲਈ ਦਿੱਤੇ ਗਏ 11 ਕਰੋੜ ਰੁਪਏ
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ ( ਮੋਹਿਤ ਜੈਨ) -ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ 30835 ਮਰੀਜਾਂ ਨੇ ਆਪਣੇ ਇਲਾਜ ਲਈ 15 ਕਰੋੜ 58 ਲੱਖ 71 ਹਜ਼ਾਰ 664 ਰੁਪਏ ਦੇ ਬਿਲ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 14 ਕਰੋੜ 45 ਲੱਖ 61 ਹਜ਼ਾਰ 612 ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਅਧੀਨ 1014 ਮਰੀਜਾਂ ਦੇ ਇਲਾਜ ਲਈ 11 ਕਰੋੜ 406 ਰੁਪਏ ਖਰਚ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 05 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਇਆ ਜਾ ਸਕਦਾ ਹੈ ਜਦੋਂ ਕਿ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਅਧੀਨ ਕੈਂਸਰ ਦੇ ਰੋਗੀਆਂ ਨੂੰ ਇਲਾਜ ਲਈ 1.50 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਸ਼ੇਰਗਿੱਲ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜਿਸ ਅਧੀਨ ਜ਼ਿਲ੍ਹੇ ਦੇ ਨਸ਼ਾ ਛੁਡਾਓ ਕੇਂਦਰ ਤੋਂ ਹੁਣ ਤੱਕ ਨਸ਼ਿਆਂ ਦੇ ਆਦੀ 98703 ਵਿਅਕਤੀਆਂ ਨੇ ਓ.ਪੀ.ਡੀ. ਰਾਹੀਂ ਇਲਾਜ ਕਰਵਾਇਆ ਹੈ ਜਦੋਂ ਕਿ ਨਸ਼ਿਆਂ ਦੇ ਆਦੀ 1417 ਵਿਅਕਤੀਆਂ ਨੇ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਹੋ ਕੇ ਨਸ਼ਿਆਂ ਦਾ ਤਿਆਗ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿ੍ਲ੍ਹੇ ਵਿੱਚ ਚੱਲ ਰਹੇ 18 ਓਟ ਕਲੀਨਿਕਾਂ ਤੋਂ ਹਰੇਕ ਮਹੀਨੇ 4496 ਵਿਅਕਤੀਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਨਿਕਸ਼ੇ ਪੋਸ਼ਣ ਯੋਜਨਾ ਅਧੀਨ ਟੀ.ਬੀ. ਦੇ ਮਰੀਜਾਂ ਨੂੰ 9 ਲੱਖ 92 ਹਜ਼ਾਰ 500 ਰੁਪਏ ਅਤੇ ਇਲਾਜ ਵਿੱਚ ਮਦਦ ਕਰਨ ਵਾਲੇ ਸਟਾਫ ਨੂੰ 54 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਯਤਨਾ ਤਹਿਤ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਤੋਂ ਵੱਧ ਤੋਂ ਵੱਧ ਨਾਗਰਿਕ ਲਾਹਾ ਲੈ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੈਂਪਲ ਇਕੱਤਰ ਕਰਨ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਇਸ ਨਾਮੁਰਾਦ ਬਿਮਾਰੀ ਨੂੰ ਸਿਰ ਨਾ ਚੁੱਕਣ ਦਿੱਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਆਮ ਨਾਗਰਿਕ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਸ਼੍ਰੀਮਤੀ ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਵੇਖਦੇ ਹੋਏ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਆਪਣੇ ਘਰਾਂ ਨੇੜੇ ਅਤੇ ਘਰਾਂ ਵਿੱਚ ਪਏ ਗਮਲਿਆਂ ਅਤੇ ਹੋਰ ਟੁੱਟੇ ਭੱਜੇ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਬਾਰੇ ਦੱਸਿਆ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰੀਤਾ, ਜ਼ਿਲ੍ਹਾ ਸਿਹਤ ਅਫਸਰ ਡਾ: ਨਵਜੋਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਸੁਰਿੰਦਰ ਸਿੰਘ ਤੋਂ ਇਲਾਵਾ ਸਮੂਹ ਐਸ.ਐਮ.ਓ. ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।