ਰੂਪਨਗਰ (ਰਾਜਨ ਜੈਨ) ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿਛਲੇ ਦਿਨੀਂ ਥਰਮਲ ਦੀ ਨਹਿਰ ਟੁੱਟਣ ‘ਚ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਰਣਜੀਤਪੁਰਾ ਦੇ ਕੋਲ ਥਰਮਲ ਪਲਾਂਟ ‘ਚੋਂ ਨਿਕਲਣ ਵਾਲੀ ਛੋਟੀ ਨਹਿਰ ਦੇ ਟੁੱਟਣ ਨਾਲ ਨਹਿਰ ਦੇ ਪਾਣੀ ਘਰਾਂ ਤੇ ਕਿਸਾਨਾਂ ਦੀਆਂ ਫ਼ਸਲਾਂ ‘ਚ ਜਾ ਵੜਿਆ ਜਿਸ ਨਾਲ ਇਲਾਕੇ ਦੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ। ਵਿਧਾਇਕ ਚੱਢਾ ਵੱਲੋਂ ਪੀਐੱਸਪੀਸੀਐੱਲ ਦੇ ਚੇਅਰਮੈਨ ਕਮ ਐੱਮਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਨਾਲ ਫੋਨ ‘ਤੇ ਰਾਬਤਾ ਕਾਇਮ ਕਰਦਿਆਂ ਇਸ ਹਾਦਸੇ ਲਈ ਜ਼ਿੰਮੇਵਾਰ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਦੇ ਇਹ ਮਾਮਲਾ ਧਿਆਨ ‘ਚ ਆਇਆ ਸੀ ਉਨ੍ਹਾਂ ਤੁਰੰਤ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ।