ਮੋਗਾ, 1 ਮਈ ( ਮੋਹਿਤ ਜੈਨ ) – ਕਿਸਾਨਾਂ ਨੂੰ ਮੰਡੀਆਂ ਵਿੱਚ ਨਾ ਰੁਲਣ ਦੇਣ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਕਣਕ ਦੇ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜਿਲਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜਿਲਾ ਪ੍ਰਸ਼ਾਸ਼ਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਆੜਤੀਆਂ ਨਾਲ ਰਾਬਤਾ ਕਾਇਮ ਕਰਕੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਨੂੰ ਬਚਾਉਣ ਲਈ ਹਰੇਕ ਮੰਡੀ ਵਿਚ ਤਰਪਾਲਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਆੜਤੀਆਂ ਨੂੰ ਸਪੱਸਟ ਰੂਪ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਕੋਲ ਉਹਨਾਂ ਦੀ ਲੋੜ ਮੁਤਾਬਿਕ ਤਰਪਾਲਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਮੀਂਹ ਆਉਣ ਉੱਤੇ ਉਹ ਆਪਣੀਆਂ ਢੇਰੀਆਂ ਖੁਦ ਢੱਕ ਸਕਣ। ਇਸੇ ਤਰਾਂ ਹੀ ਜੌ ਫਸਲ ਵਿੱਕ ਜਾਂਦੀ ਹੈ ਉਸ ਫਸਲ ਨੂੰ ਸੰਭਾਲਣ ਦੀ ਜਿੰਮੇਵਾਰੀ ਖਰੀਦ ਏਜੰਸੀ ਦੀ ਹੋ ਜਾਂਦੀ ਹੈ, ਜਿਨਾਂ ਨੂੰ ਸੰਭਾਲਣ ਲਈ ਤਰਪਾਲਾਂ ਵੀ ਏਜੰਸੀਆਂ ਵਲੋਂ ਪ੍ਰਬੰਧ ਕੀਤੀਆਂ ਜਾਂਦੀਆਂ ਹਨ।ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਸੁੱਕੀ ਹੋਈ ਕਣਕ ਬੇਝਿਜਕ ਹੋ ਕੇ ਮੰਡੀਆਂ ਵਿੱਚ ਲਿਉਣੀ ਚਾਹੀਦੀ ਹੈ। ਪੰਜਾਬ ਸਰਕਾਰ ਦੇ ਨਿਰਦੇਸ ਹਨ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸਕਿਲ ਨਹੀਂ ਹੋਣੀ ਚਾਹੀਦੀ ਹੈ। ਇਹਨਾਂ ਨਿਰਦੇਸਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਣਕ ਦੀਆਂ ਢੇਰੀਆਂ ਨੂੰ ਲੋੜ ਪੈਣ ’ਤੇ ਤੁਰੰਤ ਢਕੇ ਜਾਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਕੋਈ ਨੁਕਸਾਨ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖ੍ਰੀਦ, ਲਿਫਟਿੰਗ ਆਦਿ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ।