Home Farmer ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ...

ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ – ਡਿਪਟੀ ਕਮਿਸ਼ਨਰ

42
0


ਗੁਰਦਾਸਪੁਰ, 4 ਮਈ (ਬੋਬੀ ਸਹਿਜਲ – ਧਰਮਿੰਦਰ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਵੇਰੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਕੀਤੇ ਗਏ ਐਕਸ਼ਨ ਪਲਾਨ ਉੱਪਰ ਚਰਚਾ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸਬੰਧਤ ਵਿਭਾਗ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ ਕਿਉਂਕਿ ਇਹ ਮਸਲਾ ਸਾਡੇ ਵਾਤਾਵਰਨ ਅਤੇ ਮਨੁੱਖ ਸਮੇਤ ਹਰ ਜੀਵ ਜੰਤੂ ਦੇ ਜੀਵਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਅਤੇ ਨਾਲ ਹੀ ਉਹ ਫਸਲੀ ਰਹਿੰਦ-ਖੂੰਹਦ ਦਾ ਬਿਨ੍ਹਾਂ ਅੱਗ ਲਗਾਏ ਕਿਵੇਂ ਨਿਪਟਾਰਾ ਕਰ ਸਕਦੇ ਹਨ ਇਸ ਬਾਰੇ ਦੱਸਿਆ ਜਾਵੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ, ਸਹਿਕਾਰੀ ਸਭਾਵਾਂ, ਕਿਸਾਨ ਸਮੂਹਾਂ ਅਤੇ ਪੰਚਾਇਤਾਂ ਕੋਲ 6365 ਖੇਤੀ ਸੰਦਾ ਉਪਲੱਬਧ ਹਨ ਜਿਨ੍ਹਾਂ ਦੀ ਮਦਦ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਇਸਤੋਂ ਇਲਾਵਾ ਕਰੀਬ 850 ਤੋਂ ਵਧ ਹੋਰ ਸੰਦ ਲੋੜੀਂਦੇ ਹਨ ਜੋ ਕਿ ਸਰਕਾਰ ਵੱਲੋਂ ਜਲਦ ਹੀ ਮੁਹਈਆ ਕਰਵਾ ਦਿੱਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲਾਂ, ਭੱਠਿਆਂ ਆਦਿ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਬਾਲਣ ਵਜੋਂ ਵਰਤਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਅਧਿਕਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਅਤੇ ਉਨ੍ਹਾਂ ਦਾ ਸਾਥ ਲੈ ਕੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾਵੇਗਾ। ਉਨ੍ਹਾਂ ਮੀਡੀਆ ਦੇ ਰਾਹੀਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਜਿਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਇਸ ਨਾਲ ਜ਼ਮੀਨ ਦੀ ਉੁਪਜਾਊ ਸ਼ਕਤੀ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ ਦੀਨਾਨਗਰ ਪਰਮਪ੍ਰੀਤ ਸਿੰਘ ਗੁਰਾਇਆ, ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿਲੋਂ, ਡੀ.ਡੀ.ਪੀ.ਓ. ਸਤੀਸ਼ ਕੁਮਾਰ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here