ਗੁਰਦਾਸਪੁਰ, 4 ਮਈ (ਰੋਹਿਤ ਗੋਇਲ – ਰਾਜ਼ਨ ਜੈਨ) : ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ।ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਨੇ ਦੱਸਿਆ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਪਵੇਗੀ।ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ੍ਹ ਦੇ ਸੜ੍ਹਨ ਨਾਲ ਪੈਦਾ ਹੋਏ ਜ਼ਹਿਰੀਲੇ ਧੂੰਏ ਕਾਰਨ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੋਣ ਕਾਰਨ ਮੌਸਮੀ ਤਬਦੀਲੀਆਂ ਬਹੁਤ ਜਲਦੀ ਆ ਰਹੀਆਂ ਹਨ। ਉਨਾਂ ਕਿਹਾ ਕਿ ਨਾੜ੍ਹ ਨੂੰ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸ਼ਟ ਹੋ ਜਾਂਦੇ ਹਨ। ਉਨਾਂ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ।ਉਨਾਂ ਕਿਹਾ ਕਿ ਉਪਰੋਕਤ ਕਾਰਨਾਂ ਨੂੰ ਮੁੱਖ ਰੱਖਦਿਆਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਹਰੀ ਖਾਦ ਕਰਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਰੀਪਰ ਨਾਲ ਤੂੜੀ ਬਨਾਉਣ ਉਪਰੰਤ 20 ਕਿਲੋੋ ਜੰਤਰ ਦੇ ਬੀਜ ਦਾ ਛੱਟਾ ਦੇ ਕੇ ਬੀਜ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਰੀ ਖਾਦ ਕਰਨ ਨਾਲ ਝੋਨੇ ਦੀ ਫਸਲ ਨੂੰ ਪਾਈ ਜਾਣ ਵਾਲੀ 35 ਫੀਸਦੀ ਰਸਾਇਣਕ ਖਾਦ ਯੂਰੀਆ ਦੀ ਬੱਚਤ ਕਤਿੀ ਜਾ ਸਕਦੀ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ।