- ਸਾਹਿਲ ਸੋਫਤ ਨੇ ਗੋਲਡ ਤੇ ਸੰਜੇ ਸਾਹੀ ਨੇ ਜਿੱਤਿਆ ਕਾਂਸੀ ਦਾ ਤਮਗਾ
ਫ਼ਤਹਿਗੜ੍ਹ ਸਾਹਿਬ, 5 ਮਈ ( ਰੋਹਿਤ ਗੋਇਲ)-ਮੌਜੂਦਾ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸਾਹਤ ਕਰਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਅਤੇ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਮਾਣ ਸਨਮਾਨ ਕਾਰਨ ਪੰਜਾਬ ਦੇ ਖਿਡਾਰੀਆਂ ਵੱਲੋਂ ਅੰਤਰ ਰਾਸ਼ਟਰੀ ਪੱਧਰ ਤੇ ਖੂਬ ਨਾਮਣਾ ਖੱਟਿਆ ਜਾ ਰਿਹਾ ਹੈ ਅਤੇ ਖੇਡਾਂ ਨੂੰ ਬੜਾਵਾ ਦੇਣ ਲਈ ਸਰਕਾਰ ਦੇ ਉਦਮਾਂ ਸਦਕਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਦੋ ਖਿਡਾਰੀਆਂ ਸਾਹਿਲ ਸੋਫਤ ਤੇ ਸੰਜੇ ਸਾਹੀ ਨੇ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਨਵੇਂ ਏਸ਼ੀਅਨ ਰਿਕਾਰਡ ਦੇ ਨਾਲ ਗੋਲਡ ਅਤੇ ਕਾਂਸੀ ਦਾ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰਾਹੁਲਦੀਪ ਸਿੰਘ ਨੇ ਦੱਸਿਆ ਕਿ ਸਾਹਿਲ ਸੋਫਤ ਨੇ 93 ਕਿਲੋਗ੍ਰਾਮ ਭਾਰ ਵਰਗ ਵਿੱਚ ਨਵੇਂ ਏਸ਼ੀਅਨ ਰਿਕਾਰਡ ਨਾਲ ਦੇਸ਼ ਲਈ ਗੋਲਡ ਮੈਡਲ ਜਿੱਤਿਆ ਜਦੋਂ ਕਿ ਸੰਜੇ ਸਾਹੀ ਨੇ ਇਸੇ ਚੈਂਪੀਅਨਸ਼ਿਪ ਦੇ 66 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਆਪਣੀ ਖੇਡ ਪ੍ਰੈਕਟਿਸ ਕਰਨ ਲਈ ਦਿੱਤੇ ਜਾਣ ਵਾਲੇ ਡਾਇਟ ਖਰਚੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਇਨ੍ਹਾਂ ਉਪਰਾਲਿਆਂ ਸਦਕਾ ਨੌਜਵਾਨ ਵਰਗ ਮੁੜ ਤੋਂ ਖੇਡਾਂ ਨਾਲ ਜੁੜਨ ਲੱਗਿਆ ਹੈ ਜਿਸ ਤੋਂ ਸੂਬੇ ਦਾ ਭਵਿੱਖ ਹੋਰ ਵੀ ਉਜਵਲ ਨਜ਼ਰ ਆ ਰਿਹਾ ਹੈ।