ਫਰੀਦਕੋਟ, 07 ਮਈ (ਰਾਜ਼ਨ ਜੈਨ) : ਵਾਤਾਵਰਣ ਦੀ ਸੇਵਾ ਨੂੰ ਸਮਰਪਿਤ ਅਤੇ ਮਨੁੱਖਤਾ ਦੀ ਭਲਾਈ ਵਾਲੇ ਕਾਰਜਾਂ ਵਿਚ ਲਗਾਤਾਰ ਯਤਨਸ਼ੀਲ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ 10 ਲੋੜਵੰਦ ਕੈਂਸਰ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ, ਜਦਕਿ ਸੁਸਾਇਟੀ ਵੱਲੋਂ ਗੋਦ ਲਏ ਗਏ ਬੱਚਿਆਂ ‘ਚੋਂ ਪੰਜ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਲਈ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਸਾਦਾ ਸਮਾਗਮ ਰੱਖਿਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰਰੀਤ ਸਿੰਘ ਚੰਦਬਾਜਾ ਨੇ ਦੱਸਿਆ ਕਿ ਭਾਵੇਂ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਪਰ ਸੁਸਾਇਟੀ ਵੱਲੋਂ ਉਨ੍ਹਾਂ ਪੀੜਤ ਪਰਿਵਾਰਾਂ ਦੀ ਸਾਰ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਕੈਂਸਰ ਦੀ ਬਿਮਾਰੀ ਕਾਰਨ ਕਰਜਾਈ ਹੋ ਗਏ, ਪਰਿਵਾਰ ਦਾ ਆਗੂ ਵੀ ਸਦੀਵੀ ਵਿਛੋੜਾ ਦੇ ਗਿਆ ਤੇ ਬੱਚਿਆਂ ਨੂੰ ਆਪਣਾ ਭਵਿੱਖ ਧੁੰਦਲਾ ਜਾਪਣ ਲੱਗਾ। ਸੁਸਾਇਟੀ ਦੇ ਪ੍ਰਰੈੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਸੁਸਾਇਟੀ ਵੱਲੋਂ ਕੁੱਝ ਅਜਿਹੇ ਬੱਚੇ ਗੋਦ ਲਏ ਗਏ ਹਨ, ਜਿਨ੍ਹਾਂ ਦੀ ਪੜ੍ਹਾਈ ਦਾ ਪੂਰਾ ਖਰਚਾ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਹੋਰ ਜ਼ਰੂਰਤਾਂ ਵੀ ਪੂਰੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਸਮੇਤ ਹਰਵਿੰਦਰ ਸਿੰਘ ਮਰਵਾਹਾ, ਇੰਜੀ. ਜਗਤਾਰ ਸਿੰਘ ਗਿੱਲ, ਹਰੀਸ਼ ਵਰਮਾ ਅਤੇ ਮਨਦੀਪ ਸਿੰਘ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰ ਮਦਨ ਲਾਲ ਸ਼ਰਮਾ ਨੂੰ ਜੀ ਆਇਆਂ ਆਖਣ ਤੋਂ ਬਾਅਦ ਉਕਤ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਕਰਨ ਸਮੇਤ ਖੇਡਾਂ ਦੇ ਖੇਤਰ ਵਿਚ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ।