“ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ”
ਹੁਸ਼ਿਆਰਪੁਰ, 8 ਮਈ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਸੂਬਾ ਸਰਕਾਰ, ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ।ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਸ ਕਾਰਜ ਲਈ ਸਹਿਯੋਗ ਦੇਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਦੀ ਤੁਲਨਾ ਅਧਿਆਪਕ, ਪਾਣੀ ਦੀ ਪਿਤਾ ਤੇ ਧਰਤੀ ਦੀ ਮਾਂ ਨਾਲ ਕੀਤੀ ਹੈ ਪਰ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਅਸੀਂ ਗੁਰੂ ਸਾਹਿਬਾਨ ਦੇ ਸ਼ਬਦਾਂ ਦਾ ਮਾਣ ਨਹੀਂ ਰੱਖ ਸਕੇ ਅਤੇ ਅਸੀਂ ਇਨ੍ਹਾਂ ਤਿੰਨੇ ਸਰੋਤਾਂ ਨੂੰ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲ ਕੇ ਸੂਬੇ ਦੀ ਸ਼ਾਨ ਨੂੰ ਸਹੀ ਅਰਥਾਂ ਵਿੱਚ ਬਹਾਲ ਕਰੀਏ।ਵਾਤਾਵਰਨ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਵਿਰੋਧੀ ਧਿਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਧਰਤੀ ਦੀ ਕੋਈ ਵੋਟ ਨਾ ਹੋਣ ਕਾਰਨ ਇਨ੍ਹਾਂ ਆਗੂਆਂ ਨੇ ਇਨ੍ਹਾਂ ਤਿੰਨਾਂ ਖੇਤਰਾਂ ਨੰਟ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਉਤੇ ਪ੍ਰਦੂਸ਼ਣ ਕਾਰਨ ਇਨ੍ਹਾਂ ਤਿੰਨੇ ਕੁਦਰਤੀ ਸਰੋਤਾਂ ਦਾ ਘਾਣ ਹੋਇਆ ਹੈ, ਜਿਸ ਨਾਲ ਸਮਾਜ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ‘ਆਪ’ਸਰਕਾਰ ਬਣਨ ਮਗਰੋਂ ਵਾਤਾਵਰਨ ਨੂੰ ਬਚਾਉਣ ਲਈ ਕਦਮ ਚੁੱਕੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੰਮੇ ਸਮੇਂ ਤੋਂ ਸਿਹਤ ਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਨੂੰ ਵੀ ਨਜ਼ਰਅੰਦਾਜ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਬਣਨ ਮਗਰੋਂ ਇਨ੍ਹਾਂ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਇਨ੍ਹਾਂ ਸਾਰੇ ਖੇਤਰਾਂ ਵਿੱਚ ਜਲਦੀ ਹੀ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਵੱਡੇ ਪੱਧਰ ਉਤੇ ਕਦਮ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਪਣੇ ਕੋਲ ਉਪਲਬਧ ਨਹਿਰੀ ਪਾਣੀ ਵਿੱਚੋਂ ਸਿਰਫ਼ 33 ਤੋਂ 34 ਫੀਸਦੀ ਦੀ ਵਰਤੋਂ ਕਰ ਰਿਹਾ ਹੈ। ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਵਧਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ 60 ਫੀਸਦੀ ਕਰੇਗਾ, ਜਿਸ ਨਾਲ ਕੁੱਲ 14 ਲੱਖ ਟਿਊਬਵੈੱਲਾਂ ਵਿੱਚੋਂ ਤਕਰੀਬਨ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਣ। ਇਸ ਕਦਮ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸੂਬਾ ਸਰਕਾਰ ਨੇ ਪਹਿਲੀ ਵਾਰ ਸਰਕਾਰ-ਕਿਸਾਨ ਮਿਲਣੀ ਕਰਵਾਈ ਤਾਂ ਕਿ ਕਿਸਾਨਾਂ ਨੂੰ ਖੇਤੀਬਾੜੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਲਾਗਤਾਂ ਅਤੇ ਘਟਦੇ ਮੁਨਾਫੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹਿ ਗਈ ਅਤੇ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦਾ ਇੱਕੋ-ਇਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਭਾਈਵਾਲਾਂ ਦਰਮਿਆਨ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਲਈ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੀ ਨਰਮਾ ਪੱਟੀ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਕਾਸ਼ਤਕਾਰਾਂ ਨੂੰ ਵੱਡੇ ਪੱਧਰ ਉਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਉਤੇ ਨਿਰਵਿਘਨ ਅਤੇ ਲੋੜੀਂਦੀ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਗਏ।ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ ਅਫਸਰ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਦੁੱਖ-ਤਕਲੀਫ਼ਾਂ ਸੁਣਿਆ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ।ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਮਿਲੇਗੀ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਨਹਿਰ ਦੇ ਪ੍ਰਾਜੈਕਟ ਨੂੰ ਹੁਣ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਜਾਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਕਿਸੇ ਨੂੰ ਇਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਹੋਣਾ ਚਾਹੀਦਾ ਹੈ ਤਾਂ ਕਿ ਸੂਬੇ ਦੀਆਂ ਲੋੜਾਂ ਪੂਰੀਆਂ ਹੋ ਸਕਣ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਡੇਰੇ ਲੋਕ ਹਿੱਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਵਿਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ ਜਲਦੀ ਆਪਣਾ ਕੰਮ ਕਰ ਸਕੇਗਾ ਅਤੇ ਇਸ ਨਾਲ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂ ਜੋ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ।ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਜਿਹੜੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਜੁੜਨ ਦੇ ਇੱਛੁਕ ਹਨ, ਉਨ੍ਹਾਂ ਬਾਰੇ ਕੈਬਨਿਟ ਵੱਲੋਂ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਗੜ੍ਹਸ਼ੰਕਰ ਬਾਈਪਾਸ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨ ਦਾ ਵੀ ਐਲਾਨ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ,ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ,ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਹਾਜ਼ਰ ਸਨ।