ਹੁਸ਼ਿਆਰਪੁਰ, 8 ਮਈ (ਰਾਜੇਸ਼ ਜੈਨ – ਰੋਹਿਤ ਗੋਇਲ) : ਸਹਾਇਕ ਕਮਿਸ਼ਨਰ-ਕਮ-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਓਮ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਓਨਾ ਅਤੇ ਭਾਈ ਘਨੱਈਆ ਜੀ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੈਂਬਰਾਂ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਕੰਮਾਂ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ 35 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਤੋਂ ਇਲਾਵਾ 12 ਜੀਵਨ ਮੈਂਬਰਾਂ ਨੂੰ 4 ਵ੍ਹੀਲ ਚੇਅਰਾਂ,ਲਾਈਫ ਮੈਂਬਰ ਸਰਟੀਫਿਕੇਟ ਅਤੇ 100 ਸਫਾਈ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਰੈੱਡ ਕਰਾਸ ਸੁਸਾਇਟੀ ਨਾਲ ਵੱਧ ਤੋਂ ਵੱਧ ਜੁੜ ਕੇ ਸਮਾਜ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਓ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ, ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰ, ਬਲੱਡ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰ ਅਤੇ ਸਿਵਲ ਹਸਪਤਾਲ ਬਲੱਡ ਬੈਂਕ ਦਾ ਸਟਾਫ਼, ਖ਼ੂਨਦਾਨ ਕਰਨ ਵਾਲੇ ਅਤੇ ਰੈੱਡ ਕਰਾਸ ਦੇ ਸਟਾਫ਼ ਮੈਂਬਰ ਹਾਜ਼ਰ ਸਨ।