13 ਮਈ ਨੂੰ ਆਯੋਜਿਤ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ
ਮੋਗਾ, 9 ਮਈ ( ਅਸ਼ਵਨੀ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾ ਹੇਠ 13 ਮਈ, 2023 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਲਗਾਏ ਜਾ ਸਕਦੇ ਹਨ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਮੋਗਾ ਅਤੁਲ ਕਸਾਨਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨਂੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ ਇਸ ਕਰਕੇ ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਕਾਨੂੰਨੀ ਸਹਾਇਤਾ/ਸਲਾਹ ਲਈ 1968 ਜਾਂ ਦਫ਼ਤਰ ਦੇ ਫੋਨ ਨੰਬਰ 01636-235864 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਇਨ੍ਹਾਂ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।