ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਹੁਸ਼ਿਆਰਪੁਰ,11 ਮਈ (ਰਾਜੇਸ਼ ਜੈਨ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।ਇਸੇ ਤਰ੍ਹਾਂ ਜਾਰੀ ਕੀਤੇ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।