ਚੰਡੀਗੜ੍ਹ, 28 ਮਾਰਚ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਪਰਮਿਟ ਰੱਦ ਕਰ ਦਿੱਤਾ ਜਾਵੇਗਾ।ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਸ. ਭੁੱਲਰ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੀ ਆਮਦਨ ਵਧਾਉਣ ਵੱਲ ਖ਼ਾਸ ਤਵੱਜੋ ਦਿੱਤੀ ਜਾਵੇ ਤਾਂ ਜੋ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਨੂੰ ਮੁੜ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ।ਟਰਾਂਸਪੋਰਟ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨੂੰ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦੇਣ ਦੇ ਮੰਤਵ ਹਿੱਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਦਫ਼ਤਰਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਵਿਭਾਗ ਵਿੱਚ ਬਾਇਉਮੀਟਕ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਸ. ਭੁੱਲਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਤਰਜੀਹੀ ਤੌਰ ‘ਤੇ ਬੱਸ ਪਰਮਿਟ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਵਰਤੀ ਜਾਵੇ ਤੇ ਇਹ ਕਾਰਜ ਸਬੰਧਤ ਨੀਤੀ ਤਹਿਤ ਨੇਪਰੇ ਚਾੜ੍ਹਿਆ ਜਾਵੇ। ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਪਰਮਿਟ ਰੂਟਾਂ ਵਿੱਚ ਨਾਜਾਇਜ਼ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਲੰਘਣਾ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਤੀਰਥ ਅਸਥਾਨਾਂ ‘ਤੇ ਜਾਣ ਦੇ ਚਾਹਵਾਨ ਲੋਕਾਂ ਦੀ ਇੱਛਾ ਪੂਰੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਖ਼ਾਸ ਤੌਰ ‘ਤੇ ਪੱਟੀ-ਮਾਤਾ ਚਿੰਤਪੁਰਨੀ-ਜਵਾਲਾ ਜੀ ਤੱਕ ਬੱਸ ਚਲਾਉਣ ਲਈ ਕਿਹਾ।ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਡਾਇਰੈਕਟਰ ਟਰਾਂਸਪੋਰਟ-ਕਮ-ਐਮ.ਡੀ.ਪਨਬੱਸ ਸ੍ਰੀਮਤੀ ਅਮਨਦੀਪ ਕੌਰ ਅਤੇ ਐਮ.ਡੀ,ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ।