ਜਗਰਾਉਂ, 14 ਮਈ ( ਵਿਕਾਸ ਮਠਾੜੂ)-ਇਲਾਕੇ ਦੇ ਮੰਨੀ-ਪ੍ਰਮੰਨੀ ਸੰਸਥਾ ਜੀ.ਐੱਚ. ਜੀ. ਅਕੈਡਮੀ ਜਿੱਥੇ ਪੜਾਈ ਦੇ ਨਾਲ – ਨਾਲ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਸੰਸਕਾਰਾਂ ਨਾਲ ਜੋੜਨ ਲਈ ਹਮੇਸ਼ਾ ਹੀ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਦੀਆਂ ਹਨ। ਅੱਜ ਮਿਤੀ 13 ਮਈ, 2023 ਨੂੰ ਸਕੂਲ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ।
ਇਸ ਮੌਕੇ ‘ਤੇ ਸਕੂਲ ਵਿੱਚ ਚਾਰੇ ਹਾਊਸ ਵਿੱਚ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਰਸਭਿੰਨੀ ਅਵਾਜ਼ ਵਿੱਚ ਸ਼ਬਦ ਗਾਇਨ ਕੀਤੇ। ਇਸ ਮੁਕਾਬਲੇ ਵਿੱਚ ਫਤਿਹ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਅਜੀਤ ਹਾਊਸ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਇਸ ਮੌਕੇ ‘ਤੇ ਸਕੂਲ ਦੀ ਅਧਿਆਪਕਾ ਸ੍ਰੀ ਮਤੀ ਦਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ, ਜਿਸ ਨੂੰ ਗੁਰੂ ਨਗਰੀ ਹੋਣ ਦਾ ਮਾਣ ਪ੍ਰਾਪਤ ਹੈ। ਅੰਮ੍ਰਿਤਸਰ ਤੋਂ ਥੋੜੀ ਹੀ ਦੂਰ ਪਿੰਡ ਹੈ। ਗੁਰੂ ਕੀ ਵਡਾਲੀ। ਇਸ ਪਿੰਡ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਅਤੇ ਮਾਤਾ ਗੰਗਾ ਜੀ ਦੀ ਕੁੱਖੋਂ ਪ੍ਰਕਾਸ਼ ਹਾੜ ਵਦੀ 7, 21 ਹਾੜ ਸੰਮਤ 1652 ਬਿਕ੍ਰਮੀ ਮੁਤਾਬਕ 19 ਜੂਨ 1595 ਈ ਨੂੰ ਜਨਮ ਲਿਆ। ਇਸੇ ਕਰਕੇ ਉਸ ਨਗਰ ਨੂੰ ਅੱਜ ‘ਗੁਰੂ ਕੀ ਵਡਾਲੀ’ ਕਿਹਾ ਜਾਂਦਾ ਹੈ।
ਸ੍ਰੀ ਗੁਰੂ ਅਰਜੁਨ ਦੇਵ ਜੀ ਨੇ ਬਚਪਨ ਤੋਂ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੂੰ ਬਾਣੀ ਪੜ੍ਹਨ ਅਤੇ ਵਿਦਿਆ ਸਿੱਖਣ ਲਈ ਬਾਬਾ ਬੁੱਢਾ ਸਾਹਿਬ ਜੀ ਦੇ ਲੜ ਲਗਾ ਦਿੱਤਾ। ਉਨ੍ਹਾਂ ਨੇ ਹਰਿਗੋਬਿੰਦ ਜੀ ਨੂੰ ਧਾਰਮਿਕ ਵਿਦਿਆ ਦੇ ਨਾਲ-ਨਾਲ ਸ਼ਸਤਰ ਵਿਦਿਆ ਦਾ ਅਭਿਆਸ ਵੀ ਕਰਨ ਲਈ ਕਿਹਾ। ਸੰਨ 1603 ਵਿਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁੱਢਾ ਜੀ ਨੂੰ ਜ਼ਿੰਮੇਵਾਰੀ ਸੌਂਪੀ ਗਈ। ਸ਼ਸਤਰ ਵਿਦਿਆ ਦਾ ਆਪ ਜੀ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਇਸ ਕਲਾ ਵਿਚ ਨਿਪੁੰਨ ਹੋ ਗਏ। ਬਾਬਾ ਬੁੱਢਾ ਜੀ ਆਪ ਜੀ ਨੂੰ ਦੇਖ ਕੇ ਮਹਾਂਬਲੀ ਯੋਧਾ ਨਾਂ ਨਾਲ ਪੁਕਾਰਦੇ ਸਨ। 6 ਸਾਵਣ ਸੰਮਤ 1663, 5 ਜੁਲਾਈ 1606 ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਦੋ ਤਲਵਾਰਾਂ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ, ਜਿਨ੍ਹਾਂ ਵਿਚੋਂ ਇਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ। ਇਸ ਦਾ ਵਰਣਨ ਢਾਡੀ ਅਬਦੁੱਲਾ ਨੇ ਇਸ ਤਰ੍ਹਾਂ ਕੀਤਾ ਹੈ:
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ।ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰ ਦੀ।
15 ਮਈ 1606 ਦੇ ਆਖ਼ਰੀ ਹਫ਼ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ, ਬਾਬਾ ਬੁੱਢਾ ਜੀ ਤੇ ਹੋਰ ਸਿੱਖਾਂ ਨਾਲ ਚਰਚਾ ਕੀਤੀ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਿਆਈ ਦੀ ਜ਼ਿੰਮੇਵਾਰੀ ਸ੍ਰੀ ਗੁਰੂ ਹਰਗੋਬਿੰਦ ਜੀ ਨੂੰ ਸੌਂਪ ਦਿੱਤੀ। ਉਸ ਸਮੇਂ ਗੁਰੂ ਸਾਹਿਬ ਜੀ ਦੀ ਉਮਰ 11 ਕੁ ਸਾਲ ਦੀ ਸੀ। ਛੇਵੇਂ ਪਾਤਸ਼ਾਹ ਜੀ ਨੇ ਸੱਤਾ ਦੇ ਅਤਿਆਚਾਰਾਂ ਖ਼ਿਲਾਫ਼ ਹਥਿਆਰਬੰਦ ਸੰਘਰਸ਼ ਦਾ ਰਾਹ ਚੁਣਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਿੱਖਾਂ ਨੂੰ ਦਸਵੰਧ ਦੇ ਨਾਲ-ਨਾਲ ਵਧੀਆ ਘੋੜੇ ਤੇ ਸ਼ਸਤਰ ਗੁਰੂ ਘਰ ‘ਚ ਭੇਟ ਕਰਨ ਦੇ ਹੁਕਮਨਾਮੇ ਜਾਰੀ ਕੀਤੇ।ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। ਸੋ 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ ਹਰਿ ਰਾਏ ਜੀ ਨੂੰ ਸੌਂਪੀ ਅਤੇ 3 ਮਾਰਚ 1644 ਨੂੰ 49 ਸਾਲ ਦੀ ਉਮਰ ਵਿੱਚ ਜੋਤੀ – ਜੋਤ ਸਮਾ ਗਏ।
ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਨੇ ‘ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਜੀਵਨ ਤੋਂ ਸਿੱਖਿਆ ਲੈਂਦੇ ਹੋਏ ਧਰਮ ਅਤੇ ਸਚਾਈ ਦੇ ਮਾਰਗ ‘ਤੇ ਚੱਲਣ ਲਈ ਅਤੇ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।