ਜਗਰਾਓਂ , 18 ਮਈ ( ਮੋਹਿਤ ਜੈਨ, ਅਸ਼ਵਨੀ )-ਪਿਛਲੇ ਦਿਨੀਂ ਜਗਰਾਉਂ ਦੇ ਲੁਧਿਆਣਾ ਸਾਈਡ ਦੇ ਜੀਟੀ ਰੋਡ ’ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਮੋਗਾ ਜੀ.ਟੀ ਰੋਡ ’ਤੇ ਸਥਿਤ ਕੋਕਲਾ ਹਸਪਤਾਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 35 ਦੇ ਕਰੀਬ ਬੱਚੇ ਅਤੇ 10 ਸਵਾਰੀਆਂ ਜ਼ਖਮੀ ਹੋ ਗਈਆਂ ਸਨ। ਜਿਨ੍ਹਾਂ ਨੂੰ ਮੌਕੇ ’ਤੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਉਥੋਂ ਜ਼ਿਆਦਾਤਰ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਲਾਜ ਲਈ ਨਿੱਜੀ ਹਸਪਤਾਲਾਂ ’ਚ ਲੈ ਗਏ ਅਤੇ ਕੁਝ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਲੁਧਿਆਣਾ ਭੇਜ ਦਿੱਤਾ ਗਿਆ। ਪੈਪਸੂ ਰੋਡਵੇਜ਼ ਦੇ ਡਾਇਰੈਕਟਰ ਪੁਰਸ਼ੋਤਮ ਲਾਲ ਖਲੀਫਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ ਤਾਂ ਜੋ ਬੱਚਿਆਂ ਦਾ ਸਹੀ ਇਲਾਜ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਸ ਤਰੀਕੇ ਨਾਲ ਸੈਕਰਡ ਹਾਰਟ ਸਕੂਲ ਦੀ ਵੈਨ ਵਿੱਚ 42 ਬੱਚੇ ਨਿਰਧਾਰਿਤ ਸੀਮਾ ਤੋਂ ਵੱਧ ਬੈਠੇ ਸਨ। ਇੁਸ ਬਾਰੇ ਵੀ ਗੰਭੀਰਤਾ ਨਾਲ ਹੁਕਮ ਜਾਰੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਸੰਚਾਲਕ ਬੱਚਿਆਂ ਦੇ ਮਾਪਿਆਂ ਤੋਂ ਮੋਟੀਆਂ ਫੀਸਾਂ ਵਸੂਲਦੇ ਹਨ ਅਤੇ ਸਮੇਂ-ਸਮੇਂ ’ਤੇ ਹੋਰ ਕਈ ਤਰ੍ਹਾਂ ਦੇ ਫੰਡ ਵੀ ਲੈਂਦੇ ਹਨ। ਇਸ ਦੇ ਬਾਵਜੂਦ ਬੱਚਿਆਂ ਨੂੰ ਲਿਆਉਣ ਅਤੇ ਲਿਜਾਣ ਲਈ ਮੁਹੱਈਆ ਕਰਵਾਈਆਂ ਜਾਂਦੀਆਂ ਗੱਡੀਆਂ ’ਚ ਭਾਰੀ ਕਮੀਆਂ ਹਨ। ਇਸ ਲਈ ਸਿੱਖਿਆ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਲੱਗੀਆਂ ਬੱਸਾਂ ਅਤੇ ਵੈਨਾਂ ਦੀ ਨਿਯਮਤ ਤੌਰ ’ਤੇ ਚੈਕਿੰਗ ਕਰਨ ਅਤੇ ਸਿਰਫ਼ ਉਨ੍ਹਾਂ ਵਾਹਨਾਂ ਦੀ ਵਰਤੋਂ ਕਰਨ ਜੋ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ ਨੂੰਸੜਕ ਤੇ ਇਸ ਕੰਮ ਲਈ ਉੱਤਰਨ ਦੀ ਇਜਾਜਤ ਦੇਣ। ਜੇਕਰ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਟਰੈਫਿਕ ਵਿਭਾਗ ਦੇ ਇੰਚਾਰਜ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਵਾਹਨਾ ਦੀ ਸਮੇਂ ਸਿਰ ਚੈਕਿੰਗ ਕਰਨ ਅਤੇ ਇਸ ਦੇ ਨਾਲ ਹੀ ਸਕੂਲ ਸੰਚਾਲਕ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਕਿ ਫਿਰ ਤੋਂ ਅਜਿਹੀ ਕੋਈ ਘਟਨਾ ਨਹੀਂ ਵਾਪਰੇ।