ਹੁਸ਼ਿਆਰਪੁਰ, 19 ਮਈ (ਮੋਹਿਤ ਜੈਨ – ਅਸ਼ਵਨੀ) : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰੇਗਾ, ਉੱਥੇ ਹੀ ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਸਹਾਈ ਹੋਵੇਗਾ। ਉਹ ਰਾਮ ਕਲੋਨੀ ਕੈਂਪ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿੱਚੋਂ 13 ਲੱਖ ਰੁਪਏ ਪਿੰਡ ਦੀਆਂ ਗਲੀਆਂ-ਨਾਲੀਆਂ ਤੇ 2 ਲੱਖ ਰੁਪਏ ਸੀਵਰੇਜ ’ਤੇ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਮਾਪਦੰਡਾਂ ’ਤੇ ਯੋਗਤਾ ਦੇ ਆਧਾਰ ’ਤੇ ਇੱਕ ਸਾਲ ਦੌਰਾਨ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨਾਂ ਨੂੰ ਇਸੇ ਤਰ੍ਹਾਂ ਦੇ ਵਧੀਆ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਸਰਕਾਰੀ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਅਤੇ ਦੂਜੇ ਪੜਾਅ ਦੌਰਾਨ ਕਰੀਬ 469 ਏਕੜ ਸਰਕਾਰੀ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਸੀ। ਇਸ ਮੌਕੇ ਸਰਪੰਚ ਕਾਜਲ, ਡਾ: ਬਲਵੀਰ ਸਿੰਘ ਮਠਾੜੂ, ਡਾ: ਰਾਜੇਸ਼ ਕੁਮਾਰ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।