ਜਲੰਧਰ-19 ਮਈ ( ਬਾਰੂ ਸੱਗੂ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ, ਗੜ੍ਹਾ ਜਲੰਧਰ ਵਿਖੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਕੇ ਕਿਸਾਨਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ। ਜਿਸ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਕਦੇ ਵੀ ਬਰਦਾਸ਼ਤ ਨਹੀ ਕਰੇਗੀ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਮੰਗੀਆਂ ਮੰਗਾ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾ ਦੇ ਹੱਲ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 28 ਮਈ ਨੂੰ ਸਾਰੇ ਦੇਸ਼ ਦੇ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਪੂਰੇ ਜ਼ੋਰ ਸ਼ੋਰ ਨਾਲ ਸ਼ਾਮਲ ਹੋਵੇਗੀ।ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅੱਪਰਬਾਰੀ ਦੁਆਬ ਨਹਿਰ ਜੋ ਕਿ ਮਾਝੇ ਦੇ ਇਲਾਕੇ ਵਿੱਚ ਸੰਜਾਈ ਦਾ ਮੁੱਖ ਸਰੋਤ ਹੈ। ਪਰ ਹੁਣ ਉਸ ਦਾ ਸਾਰਾ ਪ੍ਰਬੰਧ ਟੁੱਟ ਚੁੱਕਿਆ ਹੈ। ਉਸ ਪ੍ਰਬੰਧ ਨੂੰ ਠੀਕ ਕਰਵਾਉਣ, ਨਹਿਰਾਂ, ਸੂਇਆਂ, ਕੱਸੀਆਂ ਤੇ ਖਾਲਾ ਦੀ ਮੁਰੰਮਤ ਲਈ ਅਤੇ ਰਾਵੀ ਦਰਿਆ ਦੇ ਸਾਰੇ ਪਾਣੀ ਨੂੰ ਖੇਤੀ ਲਈ ਵਰਤਣ ਦੀ ਮੰਗ ਨੂੰ ਲੈਕੇ 25 ਮਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਡਾ ਇੱਕਠ ਕੀਤਾ ਜਾਵੇਗਾ। ਤਾਂ ਜੋ ਸੂਬਾ ਸਰਕਾਰ ਨੂੰ ਗਹਿਰੀ ਨੀਂਦ ਤੋਂ ਜਗਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਲਈ ਐਲਾਨ ਕੀਤੇ 650 ਕਰੋੜ ਰੁਪਏ ਜਾਰੀ ਕਰਵਾਉਣ, ਸ਼ਹਿਰ ਦਾ ਪ੍ਰਦੂਸ਼ਤ ਪਾਣੀ ਸੱਤਲੁਜ ਦਰਿਆ ਵਿੱਚ ਪੈਣ ਤੋਂ ਰੋਕਣ, ਸ਼ਹਿਰ ਦੇ ਗਟਰਾਂ ਰਾਹੀ ਲੋਕਾਂ ਦੇ ਘਰਾਂ, ਮਹੱਲਿਆਂ ਵਿੱਚ ਜ਼ਹਿਰੀਲੀ ਗੈਸ ਦੀ ਰੋਕਥਾਮ, ਵੱਧ ਰਹੇ ਪ੍ਰਦੂਸ਼ਣ ਨੂੰ ਬੰਦ ਕਰਵਾਉਣ ਲਈ 8 ਜੂਨ ਨੂੰ ਲੁਧਿਆਣਾ ਦੇ ਡੀ ਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਣ ਕੀਤਾ ਜਾਵੇਗਾ। ਜੇ ਸੂਬਾ ਸਰਕਾਰ ਨੇ ਉਪਰੋਕਤ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਸਭਾ ਅਗਲਾ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ। ਮੀਟਿੰਗ ਵਿੱਚ ਮਤਾ ਪਾਸ ਕਰਕੇ ਮਨੁੱਖੀ ਹੱਕਾਂ ਲਈ ਅਵਾਜ਼ ਬੁਲੰਦ ਕਰਨ ਵਾਲੀ ਕਾਰਕੁੰਨ ਡਾ. ਨਵਸ਼ਰਨ ਕੌਰ ਨੂੰ ਸਰਕਾਰਾਂ ਵੱਲੋਂ ਏਜੰਸੀਆਂ ਰਾਹੀ ਤੰਗ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਅਤੇ ਉਸ ਦੇ ਹੱਕ ਵਿੱਚ ਡਟਣ ਦਾ ਮਤਾ ਪਾਸ ਕੀਤਾ। ਕੇਂਦਰੀ ਰਾਜਧਾਨੀ ਦਿੱਲੀ ਵਿਖੇ ਜੰਤਰ ਮੰਤਰ ਤੇ ਪ੍ਰਦਸ਼ਨ ਕਰ ਰਹੇ ਦੇਸ਼ ਲਈ ਤਗ਼ਮਾ ਜਿੱਤਣ ਵਾਲੇ ਪਹਿਲਵਾਨਾਂ ਦੇ ਹੱਕ ਵਿੱਚ ਵੀ ਮਤਾ ਪਾਸ ਕੀਤਾ। ਜਮਹੂਰੀ ਕਿਸਾਨ ਸਭਾ ਨੇ ਮੰਗ ਕੀਤੀ ਕਿ ਜਿਨਸੀ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਮੀਟਿੰਗ ਵਿੱਚ ਆਗੂਆਂ ਨੇ ਆਖਿਆ ਕਿ ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ਾ ਨਾ ਕੀਤਾ ਜਾਵੇ। ਕਿਸਾਨਾਂ ਨੂੰ ਜ਼ਮੀਨਾਂ ਦਾ ਮਾਰਕੀਟ ਰੇਟ ਸਮੇਤ ਸਾਰੇ ਭੱਤੇ ਦਿੱਤੇ ਜਾਣ। ਜੇ ਸਰਕਾਰ ਨੇ ਕਿਸਾਨਾਂ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਮੀਟਿੰਗ ਵਿੱਚ ਆਗੂਆਂ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਅੱਗ ਲਾਉਣ ਨਾਲ ਮਿੱਤਰ ਕੀੜੇ, ਦਰਖਤ ਤੇ ਮਿੱਟੀ ਦੇ ਉਪਜਾਊ ਕਣ ਸੜ ਜਾਂਦੇ ਹਨ। ਜਿਸ ਨਾਲ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਦੀ ਰਹਿੰਦ ਖੂੰਹਦ ਨੂੰ ਸਾਹਮਣ ਦਾ ਪ੍ਰਬੰਧ ਕਰੇ। ਸੂਬਾਈ ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ ਵੱਲੋਂ ਪਿਛਲੇ ਖ਼ਰਚੇ ਦੀ ਰੀਪੋਟਿੰਗ ਕੀਤੀ ਗਈ। ਜਿਸ ਨੂੰ ਸੰਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।