ਬਸੀ ਪਠਾਣਾ, 20 ਮਈ ( ਮੋਹਿਤ ਜੈਨ)-ਜਿਸ ਤਰ੍ਹਾਂ ਸਾਡੇ ਨੌਜਵਾਨ ਤੇਜੀ ਨਾਲ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਦੇ ਗਏ ਉਹ ਸਾਡੇ ਸਭਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਤੇਜੀ ਨਾਲ ਅੱਗੇ ਵੱਧ ਰਹੀ ਹੈ ਇਸੇ ਕੜੀ ਤਹਿਤ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਭਗਤਪੁਰਾ ਵਿਖੇ ਖੇਡ ਮੈਦਾਨ ਬਣਾਉਣ ਵਾਸਤੇ 05 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਂਟ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।ਵਿਧਾਇਕ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਨੌਜਵਾਨਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਵੱਡੀ ਤੋਂ ਵੱਡੀ ਚੁਣੋਤੀ ਦਾ ਸਾਹਮਣਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਵਿਖਾ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ ਖੇਡਾਂ ਨੂੰ ਬੜਾਵਾ ਦੇਣ ਵਾਸਤੇ ਕਈ ਯੋਜਨਾਵਾਂ ਉਲੀਕੀਆਂ ਹਨ ਜਿਸ ਤਹਿਤ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਅਤੇ ਖਿਡਾਰੀਆਂ ਨੂੰ ਆਪਣੀ ਪ੍ਰੈਕਟਿਸ ਕਰਨ ਵਾਸਤੇ ਡਾਇਟ ਖਰਚੇ ਵਿੱਚ ਵੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਖਿਡਾਰੀਆਂ ਨੂੰ ਕਹਿਣਾ ਹੈ ਕਿ ਤੁਸੀਂ ਖੇਡ ਮੈਦਾਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰੋ ਤੁਹਾਡਾ ਭਵਿੱਖ ਅਸੀਂ ਉਜਵਲ ਬਣਾਵਾਂਗੇ।ਹੈਪੀ ਨੇ ਪਿੰਡਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਮਾੜੀ ਸੰਗਤ ਦਾ ਸਾਥ ਛੱਡ ਕੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਜੁੜਨ ਅਤੇ ਪਿੰਡਾਂ ਵਿੱਚ ਰਹਿੰਦੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਉਨ੍ਹਾਂ ਨੂੰ ਸਹੀ ਅੰਜਾਮ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਭਗਤਪੁਰਾ ਵਿਖੇ ਆਧੁਨਿਕ ਖੇਡ ਮੈਦਾਨ ਬਣਾਇਆ ਜਾਵੇ ਅਤੇ ਜੇਕਰ ਲੋੜ ਪਈ ਤਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਚੋਹਤਰਫਾ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਮੌਕੇ ਮਾਸਟਰ ਮੋਹਣ ਲਾਲ, ਪਵਿੱਤਰ ਸਿੰਘ, ਲਾਭ ਸਿੰਘ, ਗੁਲਜਾਰ ਸਿੰਘ, ਬਲਵੀਰ ਸਿੰਘ, ਸੁਰਿੰਦਰ ਸਿੰਘ, ਸੋਹਣ ਸਿੰਘ, ਪ੍ਰੇਮ ਚੰਦ, ਗੁਰਪ੍ਰੀਤ ਸਿੰਘ, ਕੈਪਟਨ ਗਿਆਨ ਸਿੰਘ, ਪ੍ਰੇਮ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।