ਮਾਲੇਰਕੋਟਲਾ 27 ਮਈ ( ਬੌਬੀ ਸਹਿਜਲ, ਧਰਮਿੰਦਰ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ. ਕਿਸਾਨ ਪੋਰਟਲ ‘ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ ਕਰਵਾਉਣਾ ਜ਼ਰੂਰੀ ਹੈ। ਇਸ ਗੱਲ ਦੀ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਅਜੇ ਤੱਕ ਪੀ.ਐਮ. ਕਿਸਾਨ ਪੋਰਟਲ ‘ਤੇ ਜਾਣਕਾਰੀ ਦਰਜ ਨਹੀਂ ਕਰਵਾਈ ਗਈ ਹੈ ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫ਼ਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਉਹ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪੜਤਾਲ ਤੋਂ ਬਾਅਦ ਪ੍ਰਾਪਤ ਕਰ ਸਕਣ।ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਵੱਲੋਂ ਹੁਣ ਤੱਕ ਈ-ਕੇ.ਵਾਈ.ਸੀ. ਨਹੀਂ ਕਰਵਾਈ ਗਈ ਹੈ ਉਹ ਵੀ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ ਜਾਂ ਕਾਮਨ ਸਰਵਿਸ ਸੈਂਟਰ ਤੋਂ ਈ-ਕੇ.ਵਾਈ.ਸੀ. ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸਹੂਲਤ ਦਾ ਲਾਭ ਮਿਲ ਸਕੇ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਵਿੱਚ ਪਹੁੰਚ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ।