ਗੁਰਦਾਸਪੁਰ, 1 ਜੂਨ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) – ਪੰਜਾਬ ਸਰਕਾਰ ਵੱਲੋਂ ‘ਇੱਕ ਜ਼ਿਲ੍ਹਾ ਇੱਕ ਉਦਪਾਦ’ ਸਕੀਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਲੀਚੀ ਅਸਟੇਟ ਵਜੋਂ ਚੁਣਿਆ ਗਿਆ ਹੈ ਅਤੇ ਬਾਗਬਾਨੀ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੀਚੀ ਦੇ ਬਾਗਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਕੀਤੇ ਜਾਣਗੇ।ਇਹ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਨੂੰ ਲੀਚੀ ਦੇ ਬਾਗ ਲਗਾਉਣ ਲਈ ਉਤਸ਼ਾਹਤ ਕਰਨ ਦੇ ਨਾਲ ਹੀ ਲੀਚੀ ਨਾਲ ਸਬੰਧਤ ਪ੍ਰੋਸੈਸਿੰਗ ਉਦਯੋਗਾਂ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ ਤਾਂ ਜੋ ਲੀਚੀ ਦੀ ਉੱਪਜ ਤੋਂ ਕਿਸਾਨ ਚੰਗਾ ਮੁਨਾਫਾ ਕਮਾ ਸਕਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਅਤੇ ਦੀਨਾਨਗਰ ਦਾ ਇਲਾਕਾ ਲੀਚੀ ਦੇ ਬਾਗ ਲਗਾਉਣ ਲਈ ਬਹੁਤ ਵਧੀਆ ਹੈ ਅਤੇ ਇਥੇ ਹੁੰਦੀ ਲੀਚੀ ਦੀ ਕੁਆਲਟੀ ਤੇ ਝਾੜ ਬਹੁਤ ਵਧੀਆ ਹੁੰਦਾ ਹੈ। ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਤ ਕਰਨ ਫੁੱਲਾਂ ਦੇ ਬੀਜਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਅਤੇ ਬਾਗਬਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਰਾ ਕਣਕ-ਝੋਨੇ ਦੇ ਫਸਲੀ ਚੱਕਰ ਹੇਠੋਂ ਆਪਣਾ ਰਕਬਾ ਕੱਢ ਕੇ ਸੂਝ-ਬੂਝ ਨਾਲ ਫੁੱਲਾਂ, ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਲ-ਨਾਲ ਆਪਣੀ ਆਮਦਨ ਵੀ ਵਧਾ ਸਕਦੇ ਹਨ।ਬਾਜਵਾ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਲਈ ਲੋੜੀਂਦੇ ਸੰਦ ਜਿਨ੍ਹਾਂ ਵਿੱਚ ਡਰੋਨ ਸਪਰੇਅਰ, ਨਵੇਂ ਬਾਗ ਲਗਾਉਣ ਲਈ ਟੋਏ ਪੁੱਟਣ ਵਾਲੀ ਮਸ਼ੀਨ, ਪਟਾਟੋ ਪਲਾਂਟਰ, ਗੋਡੀ ਕਰਨ ਲਈ ਪਾਵਰ ਟਿੱਲਰ, ਟਰੈਕਟਰ ਨਾਲ ਚੱਲਣ ਵਾਲੇ ਸਪਰੇਅ ਪੰਪ ਆਦਿ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਿਸਾਨ ਭਰਾ ਨਵੇਂ ਬਾਗ ਲਗਾਉਣ ਲਈ ਕਿਸੇ ਵੀ ਤਰਾਂ ਦੀ ਤਕਨੀਕੀ ਸਹਾਇਤਾ ਜਾਂ ਸਲਾਹ ਲਈ ਬਾਗਬਾਨੀ ਵਿਭਾਗ ਦੇ ਦਫ਼ਤਰ ਸੰਪਰਕ ਕਰ ਸਕਦੇ ਹਨ।