ਚੰਡੀਗੜ੍ਹ(ਬਿਊਰੋ)ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕਰੇਸੀ ਦੀ ਪੰਜਾਬ ਇਕਾਈ ਵੱਲੋਂ 8 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ।ਇਹ ਮੁਜ਼ਾਹਰੇ ਸਜ਼ਾ ਭੁਗਤ ਚੁੱਕੇ ਕੈਦੀਆਂ ਅਤੇ ਬਿਨਾਂ ਮੁਕੱਦਮੇ ਚਲਾਇਆਂ ਬੇਬੁਨਿਆਦ ਸੰਗੀਨ ਧਾਰਾਵਾਂ ਲਾ ਕੇ ਸਾਲਾਂਬੱਧੀ ਜੇਲਾਂ ’ਚ ਡੱਕੇ ਸਿਆਸੀ ਕਾਰਕੁੰਨਾਂ, ਬੁੱਧੀਜੀਵੀਆਂ,ਲੇਖਕਾਂ,ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਲਈ ਲੜਨ ਵਾਲੇ ਕਾਰਕੁੰਨਾਂ ਦੀ ਰਿਹਾਈ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨ ਲਈ ਕੀਤੇ ਜਾ ਰਹੇ ਹਨ।ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੰਗਰੇਜ਼ਾਂ ਵੱਲੋਂ ਲਿਆਂਦੇ ਜਾ ਰਹੇ ਦੋ ਕਾਲੇ ਕਾਨੂੰਨਾਂ – ਪਬਲਿਕ ਸੇਫਟੀ ਬਿੱਲ ਅਤੇ ਟਰੇਡ ਡਿਸਪਿਊਟ ਬਿੱਲ ਦੇ ਵਿਰੋਧ ਵਿੱਚ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਭਗਤ ਸਿੰਘ ਅਤੇ ਬੀ.ਕੇ. ਦੱਤ ਨੇ 8 ਅਪ੍ਰੈਲ 1929 ਨੂੰ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ। ਅੱਜ ਵੀ ਦੇਸ਼ ਵਿੱਚ ਅੰਗਰੇਜ਼ਾਂ ਨਾਲੋਂ ਵੀ ਵੱਧ ਸੰਗੀਨ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਕਦੇ ਮੀਸਾ, ਕਦੇ ਟਾਡਾ, ਕਦੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਲਾਗੂ ਕਰਕੇ ਲੋਕਾਂ ਦੀ ਹੱਕੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਵਿਰੋਧ ਕਰਨ ਵਾਲਿਆਂ ਨੂੰ ਜੇਲਾਂ ਵਿੱਚ ਸੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਪਾਰਟੀ ਨੇ 8 ਅਪ੍ਰੈਲ ਨੂੰ ਜ਼ਿਲਾ ਕੇਂਦਰਾਂ ਉੱਪਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਸਫ਼ਲ ਬਣਾਉਣ ਅਤੇ ਜਮਹੂਰੀ ਹੱਕਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨ ਲਈ ਕਮਿਊਨਿਸਟ ਇਨਕਲਾਬੀਆਂ, ਦੇਸ਼ ਭਗਤ ਅਤੇ ਜਮਹੂਰੀ ਸ਼ਕਤੀਆਂ ਨੂੰ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।