ਮੋਗਾ (ਰਾਜੇਸ ਜੈਨ)ਪੁਲਿਸ ਵੱਲੋਂ ਵੱਖ-ਵੱਖ ਥਾਂਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀਨਾਰਕੋਟਿਕ ਡਰੱਗ ਸੈਲ ਦੇ ਇੰਚਾਰਜ ਐੱਸਆਈ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਬੰਸ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ‘ਚ ਗਸ਼ਤ ਕਰ ਰਹੇ ਸੀ ਤਾਂ ਲਾਲ ਸਿੰਘ ਰੋਡ ‘ਤੇ ਇਕ ਵਿਅਕਤੀ ਗੁਰਚਰਨ ਸਿੰਘ ਡੈਨ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਨੂੰ ਸ਼ੱਕ ਦੇ ਆਧਾਰ ‘ਤੇ ਗਿ੍ਫ਼ਤਾਰ ਕਰ ਕੇ ਉਸ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 105 ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਇਸੇ ਤਰ੍ਹਾਂ ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ਮੋਹਕਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਦੀ ਸੂਚਨਾ ‘ਤੇ ਕੋਟਕਪੂਰਾ ਬਾਈਪਾਸ ‘ਤੇ ਇਕ ਵਿਅਕਤੀ ਸੁਖਵੀਰ ਸਿੰਘ ਸੀਰਾ ਵਾਸੀ ਪ੍ਰਰੀਤ ਨਗਰ ਮੋਗਾ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।