- ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਨੇ ਚਲਾਈ ਵਿਸ਼ੇਸ਼ ਮੁਹਿੰਮ
ਫ਼ਤਹਿਗੜ੍ਹ ਸਾਹਿਬ, 17 ਜੂਨ ( ਰੋਹਿਤ ਗੋਇਲ) -ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਪਾਣੀ ਨੂੰ ਬਚਾਉਣਾ ਅੱਜ ਦੀ ਸਭ ਤੋਂ ਵੱਡੀ ਚੁਣੋਤੀ ਹੈ ਕਿਉਂਕਿ ਜੇਕਰ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੀਣ ਵਾਲਾ ਪਾਣੀ ਮਿਲਣਾ ਵੀ ਮੁਸ਼ਕਲ ਹੋ ਜਾਵੇਗਾ। ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ/ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਬਸਿਡੀ/ ਪ੍ਰੋਤਸਾਹਨ ਰਾਸ਼ੀ ਲਈ ਕਿਸਾਨਾਂ ਨੂੰ 25 ਜੂਨ ਤੋਂ ਪਹਿਲਾਂ ਵਿਭਾਗੀ ਪੋਰਟਲ ਤੇ ਰਜਿਸਟਰੇਸ਼ਨ ਕਰਵਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਨ ਲਾਈਨ ਪ੍ਰਣਾਲੀ ਰਾਹੀਂ ਬਣਦੀ ਸਬਸਿਡੀ/ਪ੍ਰੋਤਸਾਹਨ ਰਾਸ਼ੀ ਦੀ ਰਕਮ ਜਮ੍ਹਾਂ ਕਰਵਾਈ ਜਾਵੇਗੀ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਫੀ ਕਿਸਾਨਾਂ ਨੇ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾਇਆ ਹੈ ਅਤੇ ਇਹ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਹੀ ਦੋ ਕਿਸਾਨ ਬਲਾਕ ਖਮਾਣੋਂ ਪਿੰਡ ਅਮਰਾਲਾ ਦੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਤੇ ਹਰਿੰਦਰ ਸਿੰਘ ਹਨ ਜੋ ਕਿ ਝੋਨੇ ਦੀ ਸਿੱਧੀ ਬਿਜਾਈ ਕਰਕੇ ਸਫਲਤਾ ਪੂਰਬਕ ਖੇਤੀ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਵਧੇਰੇ ਝਾੜ ਪ੍ਰਾਪਤ ਹੋਇਆ ਹੈ। ਅਗਾਂਹਵਧੂ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਪਹਿਲਾਂ ਉਨ੍ਰਾਂ ਨੂੰ ਮਧਰੇ ਬੂਟਿਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪ੍ਰੰਤੂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨਾਲ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਹੋਇਆ ਹੈ । ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਫਸਲ ਨੂੰ ਕੋਈ ਬਿਮਾਰੀ ਨਹੀਂ ਲੱਗਦੀ। ਉਨ੍ਹਾਂ ਦੱਸਿਆ ਕਿ ਆਪਣੇ ਇਨ੍ਹਾਂ ਤਜ਼ਰਬਿਆਂ ਨੂੰ ਵੇਖਦੇ ਹੋਏ ਉਨ੍ਹਾਂ ਤਹੱਈਆ ਕੀਤਾ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਹੀ ਕਰਨਗੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਗੇ। ਇੱਕ ਹੋਰ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਅੱਜ ਦੀ ਸਭ ਤੋਂ ਵੱਡੀ ਮੰਗ ਹੈ ਇਸ ਲਈ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਪਾਣੀ ਬਚਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਖੇਤੀਬਾੜੀ ਉਪ ਨਰੀਖਕ ਪ੍ਰਿਤਪਾਲ ਸਿੰਘ, ਕਾਕਾ ਸਿੰਘ, ਗੁਰਮਨਪ੍ਰੀਤ ਸਿੰਘ, ਭੀਮ ਸਿੰਘ, ਮਨਜੀਤ ਸਿੰਘ ਤੇ ਨਰਜੀਤ ਸਿੰਘ ਵੀ ਹਾਜਰ ਸਨ।