Home Political ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ...

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

56
0

ਚੰਡੀਗੜ੍ਹ, 29 ਜੂਨ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।

LEAVE A REPLY

Please enter your comment!
Please enter your name here