90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ – ਚੇਅਰਮੈਨ ਜਗਰੂਪ ਸਿੰਘ
ਗੁਰਦਾਸਪੁਰ, 4 ਜੁਲਾਈ (ਵਿਕਾਸ ਮਠਾੜੂ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ ਅਤੇ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਸਦੇ ਨਾਲ ਹੀ ਇਹ ਵੀ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਖੇਤੀਬਾੜੀ ਲਈ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਾ ਇੱਕ ਸਾਲ ਪੂਰਾ ਹੋਣ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਇਸ ਸਹੂਲਤ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਜਿਹੜੀ ਵੱਡੀ ਰਕਮ ਪਹਿਲਾਂ ਲੋਕਾਂ ਨੂੰ ਬਿਜਲੀ ਦੇ ਬਿੱਲ ਅਦਾ ਕਰਨ ਉੱਪਰ ਖ਼ਰਚ ਕਰਨੀ ਪੈਂਦੀ ਸੀ ਉਹੀ ਰਕਮ ਹੁਣ ਲੋਕ ਆਪਣੇ ਪਰਿਵਾਰਾਂ ਦੀ ਬੇਹਤਰੀ ਉੱਪਰ ਖ਼ਰਚ ਰਹੇ ਹਨ।ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਦੇ ਨਾਲ ਕਿਸਾਨਾਂ ਨੂੰ ਵੀ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਤੋਂ ਵੱਧ ਸਮਾਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਖੁਸ਼ ਤੇ ਸੰਤੁਸ਼ਟ ਹੋਏ ਕਿਸਾਨ ਇਸ ਸਬੰਧੀ ਵੀਡੀਓ ਸ਼ੇਅਰ ਕਰਕੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਅਤੇ ਇਸ ਦੇ ਨਾਲ-ਨਾਲ ਸੂਬਾ ਸਰਕਾਰ ਦਾ ਧੰਨਵਾਦ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ 20,200 ਕਰੋੜ ਰੁਪਏ ਦੀ ਸਬਸਿਡੀ ਵੀ ਅਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਪੱਖੀ ਨੀਤੀਆਂ ਨੂੰ ਕੇਵਲ ਆਮ ਆਦਮੀ ਪਾਰਟੀ ਦੀ ਲੋਕ ਹਿਤੈਸ਼ੀ ਸਰਕਾਰ ਹੀ ਕਰ ਸਕਦੀ ਹੈ।