ਧਰਨੇ ਵਿਚ ਜਗਰਾਉਂ ਤੋਂ ਵੱਡੀ ਗਿਣਤੀ ’ਚ ਵਰਕਰ ਸ਼ਾਮਲ ਹੋਣਗੇ-ਧਾਲੀਵਾਲ
ਜਗਰਾਉਂ , 15 ਜੁਲਾਈ ( ਲਿਕੇਸ਼ ਸ਼ਰਮਾਂ, ਜਗਰੂਪ ਸੋਹੀ )-ਕਾਂਗਰਸ ਪਾਰਟੀ ਵੱਲੋਂ ਐਤਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਹੱਕ ਵਿੱਚ ਬਲਾਕ ਕਾਂਗਰਸ ਜਗਰਾਉਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗਿੱਲ ਰੋਡ ਲੁਧਿਆਣਾ ਵਿਖੇ ਸੂਬਾ ਪੱਧਰੀ ਮੌਨ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਦੇ ਸਬੰਧ ਵਿੱਚ ਜਗਰਾਉਂ ਵਿਧਾਨ ਸਭਾ ਹਲਕੇ ਦੇ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਲੁਧਿਆਣਾ ਪੁੱਜਣਗੇ। ਇਸ ਮੌਕੇ ਸੋਨੀ ਗ਼ਾਲਿਬ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਸਾਜ਼ਿਸ਼ ਤਹਿਤ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸ ਸਮੇਂ ਦੇਸ਼ ਵਾਸੀਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਰਾਹੁਲ ਗਾਂਧੀ ਦੇ ਨਾਲ ਪੂਰਾ ਦੇਸ਼ ਖੜ੍ਹਾ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦਬਾਉਣ ਲਈ ਜਿਸ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ, ਉਸ ਨੂੰ ਪੂਰਾ ਦੇਸ਼ ਦੇਖ ਰਿਹਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਦੇਸ਼ ਵਾਸੀ ਇਸ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਵੱਡੇ ਆਗੂ ਲੁਧਿਆਣਾ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਵਿੱਚ ਪੁੱਜਣਗੇ ਅਤੇ ਲੁਧਿਆਣਾ ਦਾ ਪ੍ਰਦਰਸ਼ਨ ਇਤਿਹਾਸਿਕ ਹੋਵੇਗਾ। ਜਿਸ ਰਾਹੀਂ ਪੰਜਾਬ ਦੇ ਲੋਕ ਕੇਂਦਰ ਨੂੰ ਸਪੱਸ਼ਟ ਸੰਦੇਸ਼ ਦੇਣਗੇ ਕਿ ਉਹ ਪੂਰੀ ਤਰ੍ਹਾਂ ਨਾਲ ਰਾਹੁਲ ਗਾਂਧੀ ਦੇ ਨਾਲ ਖੜ੍ਹੇ ਹਨ। ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਬਰਬਾਦੀ ਵੱਲ ਵਧ ਰਿਹਾ ਹੈ। ਜਿਸ ਨੂੰ ਬਚਾਉਣ ਲਈ ਰਾਹੁਲ ਗਾਂਧੀ ਮਜ਼ਬੂਤੀ ਨਾਲ ਸਰਕਾਰ ਦਾ ਸਾਹਮਣਾ ਕਰ ਰਹੇ ਹਨ ਅਤੇ ਕਰਦੇ ਰਹਿਣਗੇ। ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਮਲਹੋਤਰਾ, ਸਾਬਕਾ ਬਲਾਕ ਕਾਂਗਰਸ ਪ੍ਰਧਾਨ ਰਵਿੰਦਰ ਕੁਮਾਰ ਸੱਭਰਵਾਲ, ਪਰਾਸ਼ਰ ਦੇਵ ਸ਼ਰਮਾ, ਕੌਂਸਲਰ ਅਮਨ ਕਪੂਰ ਬੌਬੀ, ਕੌਂਸਲਰ ਵਿਕਰਮ ਜੱਸੀ, ਸਤਿੰਦਰ ਤਤਲਾ, ਹਰਮੀਤ ਸਿੰਘ ਹੈਰੀ, ਰਾਮ ਕੁਮਾਰ ਗੁੱਜਰ ਅਤੇ ਗੌਰਵ ਸੋਨੀ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜ਼ਰ ਸਨ।