Home ਪਰਸਾਸ਼ਨ ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

45
0

ਮਾਲੇਰਕੋਟਲਾ 18 ਜੁਲਾਈ ( ਰਾਜਨ ਜੈਨ)-ਸੜਕ ਹਾਦਸਿਆਂ ਵਿੱਚ ਦਿਨੋਂ ਦਿਨ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਆਮ ਲੋਕਾਂ ਦੀ ਸ਼ਮੂਲੀਅਤ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਹੁੰਦੇ ਸੜਕ ਹਾਦਸਿਆਂ ਚ ਅਜਾਈਆਂ ਜਾਣ ਵਾਲੀਆਂ ਜਾਨਾਂ ਨੂੰ ਬਚਾਇਆ ਜਾ ਸਕੇ ਅਤੇ ਦੁਰਘਟਨਾਂ ਦੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ । ਇਹ ਹਦਾਇਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੀ । ਉਨ੍ਹਾਂ ਟੈਰਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਸੁਰੱਖਿਆ ਸਬੰਧੀ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਵਿੱਚ ਸੈਮੀਨਾਰ ਆਦਿ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਵੇ । ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੜਕ ਦੁਰਘਟਨਾਵਾਂ ਬਾਰੇ ਸਕੂਲਾਂ ਵਿੱਚ ਲੈਕਚਰ ਕਰਵਾਏ ਜਾਣ ਅਤੇ ਸਕੂਲਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਲਿਆਉਣ ਤੋਂ ਰੋਕਣ ਲਈ ਵੀ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸੜਕਾਂ ਤੇ ਵੱਧ ਦੁਰਘਟਨਾਵਾਂ ਵਾਪਰਦੀਆਂ ਹਨ ਉਨ੍ਹਾਂ ਦੀ ਸ਼ਨਾਖਤ ਕਰਕੇ ਰਿਪੋਰਟ ਭੇਜੀ ਜਾਵੇ ਤਾਂ ਜੋ ਇਨ੍ਹਾਂ ਸੜਕਾਂ ਤੇ ਦੁਰਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਹਦਾਇਤ ਕੀਤੀ ਕਿ ਸੜਕ ਸੁਰੱਖਿਆ ਸਬੰਧੀ ਜ਼ਿਲ੍ਹੇ ਦਾ ਸਲਾਨਾਂ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਸੜਕ ਦੁਰਘਟਨਾਵਾਂ ਹੋਣ ਦੇ ਕਾਰਨਾਂ ਬਾਰੇ ਪਤਾ ਕਰਕੇ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਸੜਕ ਦੁਰਘਟਨਾਵਾਂ ਦੇ ਕਾਰਨਾਂ ਦਾ ਪਤਾ ਕਰਕੇ ਉਨ੍ਹਾਂ ਨੂੰ ਠੱਲ ਪਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਦੁਰਘਟਨਾਵਾਂ ਰੋਕਣ ਲਈ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ, ਗਲਤ ਪਾਰਕਿੰਗ, ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰਨ ਵਾਲਿਆਂ, ਲਾਲ ਬੱਤੀ ਦੀ ਉਲੰਘਣਾ ਕਰਨ ਵਾਲਿਆਂ, ਬਿਨਾਂ ਹੈਲਮਟ, ਬਿਨਾਂ ਸੇਫਟੀ ਬੇਲਟ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਵਿੱਚ ਪਏ ਟੋਏ ਤੁਰੰਤ ਭਰੇ ਜਾਣ ਅਤੇ ਜ਼ਿਲ੍ਹੇ ਦੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ । ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੀਆਂ ਟੁੱਟੀਆਂ ਸੜਕਾਂ,ਸੜਕਾਂ ਦੇ ਬਣੇ ਹੰਪਾਂ ਅਤੇ ਨਵੇਂ ਬਣਾਏ ਜਾਣ ਵਾਲੇ ਤਜਵੀਜਤ ਹੰਪਾਂ ਦੀ, ਸਰੋਦ ਚੌਕ ਤੋਂ ਲੁਧਿਆਣਾ ਬਾਈਪਾਸ ਸੜਕ ਸਬੰਧੀ, ਕੁਟੀ ਰੋਡ ਸਬੰਧੀ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਅਮਲ ਵਿੱਚ ਲਿਆਉਂਣ । ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਟਰੈਫਿਕ ਲਾਇਟਾਂ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ । ਬਜਾਰਾਂ ਵਿੱਚ ਨਜਾਇਜ ਕਬਜਿਆਂ ਆਦਿ ਨੂੰ ਹਟਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਡੀ.ਐਸ.ਪੀ. ਮਾਲੇਰਕੋਟਲਾ ਨੇ ਦੱਸਿਆ ਕਿ ਮਈ 2023 ਤੋਂ ਹੁਣ ਤੱਕ 382 ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ, ਗਲਤ ਪਾਰਕਿੰਗ, ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰਨ ਵਾਲਿਆਂ, ਲਾਲ ਬੱਤੀ ਦੀ ਉਲੰਘਣਾ ਕਰਨ ਵਾਲਿਆਂ, ਬਿਨਾਂ ਹੈਲਮਟ, ਬਿਨਾਂ ਸੇਫਟੀ ਬੇਲਟ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਹਨ। ਜਿਨ੍ਹਾਂ ਵਿੱਚੋਂ 168 ਚਲਾਨ ਆਰ.ਟੀ.ਏ ਨੂੰ ਭੇਜੇ ਗਏ ਹਨ ਅਤੇ 214 ਚਲਾਨ ਮੌਕੇ ਤੇ ਭਰੇ ਗਏ ਹਨ । ਮੀਟਿੰਗ ਵਿੱਚ ਐਸ.ਡੀ.ਐਮ ਹਰਬੰਸ ਸਿੰਘ, ਡੀ.ਐਸ.ਪੀ ਰਾਮ ਜੀ, ਟ੍ਰੈਫਿਕ ਇੰਚਾਰਜ ਬਲਵੀਰ ਸਿੰਘ, ਚੀਫ ਇੰਚਾਰਜ ਪੀ.ਆਰ.ਟੀ.ਸੀ ਕਸ਼ਮੀਰ ਸਿੰਘ, ਐਸ.ਡੀ.ਓ ਯਾਦਵੀਰ ਸਿੰਘ, ਸਾਜਦ ਅਲੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here