ਮਹਿਲ ਕਲਾਂ(ਵਿਕਾਸ ਮਠਾੜੂ)ਦਿਹਾਤੀ ਮਜ਼ਦੂਰ ਸਭਾ ਜਿਲ੍ਹਾ ਬਰਨਾਲਾ ਵੱਲੋਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਪ੍ਰਕਾਸ਼ ਸਿੰਘ ਸੱਦੋਵਾਲ ਦੀ ਅਗਵਾਈ ਹੇਠ ਪਿੰਡ ਸੱਦੋਵਾਲ ਵਿਖੇ ਮੀਟਿੰਗ ਕਰਨ ਉਪਰੰਤ ਆਟਾ ਦਾਲ ਦੇ ਕੱਟੇ ਰਾਸ਼ਨ ਕਾਰਡ ਤੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਦਿੱਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਤੇ ਹੈਪੀ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਮਜ਼ਦੂਰ ਪੱਖੀ ਕਿਰਤ ਕਾਨੂੰਨਾਂ ਨੂੰ ਤੋੜ ਕੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਮਜ਼ਦੂਰਾਂ ਨੂੰ ਮਿਲਦੀਆਂ ਸਹੂਲਤਾਂ ਨੂੰ ਖਤਮ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪਿੰਡ ਸੱਦੋਵਾਲ ਦੇ ਅਸਲ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਰਾਸ਼ਨ ਕਾਰਡ ਕੱਟ ਕੇ ਆਪਣਾ ਮਜਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਪਿਛਲੇ ਦੋ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਨੇ ਸਕੀਮ ਤਹਿਤ ਕੰਮ ਲੈਣ ਲਈ ਦੋ ਵਾਰ ਅਰਜੀਆਂ ਦਿੱਤੇ ਜਾਣ ਦੇ ਬਾਵਜੂਦ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਵੋਟਾਂ ਹਾਸਲ ਕੀਤੀਆਂ ਸੀ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਸਰਕਾਰ ਨੇ ਕੇਂਦਰ ਸਰਕਾਰ ਦੇ ਰਾਹ ਤੇ ਚੱਲਦਿਆਂ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਕੇ ਮਜਦੂਰਾਂ ਦੇ ਰੁਜ਼ਗਾਰ ਅਤੇ ਵੱਖ ਵੱਖ ਮਿਲਦੀਆਂ ਸਹੂਲਤਾਂ ਨੂੰ ਖਤਮ ਕਰਕੇ ਗੁਲਾਮੀ ਵੱਲ ਧੱਕ ਦਿੱਤਾ ਹੈ । ਆਗੂਆਂ ਨੇ ਮੰਗ ਕੀਤੀ ਕਿ ਲੋੜਵੰਦ ਮਜ਼ਦੂਰਾਂ ਦੇ ਕੱਟੇ ਹੋਏ ਰਾਸ਼ਨ ਕਾਰਡ ਮੁੜ ਬਹਾਲ ਕੀਤੇ ਜਾਣ ਅਤੇ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ।