ਜਗਰਾਉਂ, 3 ਅਗਸਤ ( ਭਗਵਾਨ ਭੰਗੂ, ਜਗਰੂਪ ਸੋਹੀ )-ਅਪਰਾਧੀਆਂ ਦੇ ਹੌਂਸਲੇ ਇਲਾਕੇ ਅੰਦਰ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਹ ਪੁਲਿਸ ਦੇ ਡਰ ਭੈਅ ਮੰਨੇ ਬਗੈਰ ਦਿਨ-ਦਿਹਾੜੇ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਲੱਗ ਪਏ ਹਨ। ਜਿਸ ਦੀ ਮਿਸਾਲ ਵੀਰਵਾਰ ਨੂੰ ਸਵੇਰੇ ਕਰੀਬ 10 ਵਜੇ ਪਿੰਡ ਚੀਮਨਾ ਵਿਖੇ ਦੇਖਣ ਨੂੰ ਮਿਲੀ। ਜਿੱਥੇ ਇੱਕ ਲੜਕੇ ਨੇ ਘਰ ਵਿੱਚ ਦਾਖਲ ਹੋ ਕੇ ਨੌਜਵਾਨ ਲੜਕੀ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ 22 ਸਾਲਾ ਲੜਕੀ ਗੁਰਮਨ ਕੌਰ ਆਪਣੀ ਦਾਦੀ ਨਾਲ ਘਰ ’ਚ ਇਕੱਲੀ ਸੀ ਅਤੇ ਉਸ ਦੇ ਮਾਤਾ-ਪਿਤਾ ਜਗਰਾਉਂ ’ਚ ਕਿਸੇ ਕੰਮ ਲਈ ਗਏ ਹੋਏ ਸਨ। ਦਾਦੀ ਘਰ ਦੇ ਅੰਦਰ ਕਮਰੇ ਵਿੱਚ ਸੀ ਅਤੇ ਗੁਰਮਨ ਕੌਰ ਘਰ ਦੇ ਬਾਹਰ ਵਰਾਂਡੇ ਵਿੱਚ ਸੀ। ਇਸ ਦੌਰਾਨ ਇਕ ਲੜਕੇ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਗੁਰਮਨ ਤੋਂ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਗਰਦਨ ’ਤੇ ਵਾਰ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋਸ਼ੀ ਉਥੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਨਵਨੀਤ ਸਿੰਘ ਬੈਂਸ, ਐਸਪੀ ਹੈੱਡ ਕੁਆਟਰ ਅਤੇ ਥਾਣਾ ਸਦਰ ਜਗਰਾਉਂ ਦੇ ਇੰਚਾਰਜ ਇੰਸਪੈਕਟਰ ਅਮਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਮੌਕੇ ’ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਐਸ.ਐਸ.ਪੀ ਦੇ ਨਿਰਦੇਸ਼ਾਂ ’ਤੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜੋ ਉਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਮੋਬਾਈਲ ਫੋਨ ਦੀ ਲੋਕੇਸ਼ਨ ਚੈੱਕ ਕਰੇਗਾ। ਗੁਰਮਨ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਉਂ ਭੇਜ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਕਤਲ ਕਰਨ ਵਾਲਾ ਦੋਸ਼ੀ ਪਿੰਡ ਚੀਮਨੇ ਦਾ ਹੀ ਹੈ। ਜਿਸਨੂੰ ਪੁਲਿਸ ਵਲੋਂ ਹਿਰਾਸਤ ਵਿਚ ਵੀ ਲੈ ਲਿਆ ਗਿਆ ਹੈ। ਪਰ ਉਸਦੀ ਗਿਰਫਤਾਰੀ ਜਾਂ ਹਿਰਾਸਤ ਵਿਚ ਲਏ ਜਾਣ ਦੀ ਕਿਸੇ ਵੀ ਪੁਲਿਸ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ।