ਫ਼ਤਹਿਗੜ੍ਹ ਸਾਹਿਬ, 03 ਅਗਸਤ (ਰੋਹਿਤ ਗੋਇਲ – ਮੋਹਿਤ ਜੈਨ) : ਸਮੂਹ ਅਧਿਕਾਰੀ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੇ ਲਗਾਈ ਗਈ ਪਾਬੰਦੀ ਦੀ ਆਪੋ ਆਪਣੇ ਦਫ਼ਤਰਾਂ ਵਿੱਚ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪਲਾਸਟਿਕ ਨਾਲ ਬਣੀਆਂ ਵਸਤਾਂ ਦੀ ਵਰਤੋਂ ਨੂੰ ਰੋਕਿਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਜਿ਼ਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਪਹਿਲਾਂ ਹੀ ਸਿੰਗਲ ਯੂਜ ਪਲਾਸਟਿਕ ਦੀ ਪਾਬੰਦੀ ਨੂੰ ਉਤਸਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਚਲਾਨ ਕਰਕੇ ਜੁਰਮਾਨੇ ਕੀਤੇ ਜਾ ਰਹੇ ਹਨ।ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ) ਤੋਂ ਇਲਾਵਾ ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਤੂੜੀ, ਟ੍ਰੇ, ਮਿਠਾਈਆਂ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਸੱਦਾ ਪੱਤਰ, ਸਿਗਰਟ ਦੇ ਪੈਕੇਟ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿਰਰ ਆਦਿ ਪਾਬੰਦੀਸ਼ੁਦਾ ਵਸਤਾਂ ਸ਼ਾਮਲ ਹਨ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਨੂੰ ਕਿਸੇ ਵੀ ਹਾਲਾਤ ਵਿੱਚ ਵੇਚਿਆ ਅਤੇ ਵਰਤੋਂ ਵਿੱਚ ਨਾ ਲਿਆਂਦਾ ਜਾਵੇ।