ਅੰਮ੍ਰਿਤਸਰ (ਵਿਕਾਸ ਮਠਾੜੂ) ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ‘ਬੰਦੀ ਸਿੰਘ’ ਭਾਈ ਗੁਰਦੀਪ ਸਿੰਘ ਖੈੜਾ ਜੀ ਨਾਲ ਸੋਮਵਾਰ ਨੂੰ ਮੁਲਕਾਤ ਕੀਤੀ। ਕਾਨੂੰਨਨ ਆਪਣੀ ਬਣਦੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਭਾਈ ਸਾਹਿਬ 33 ਸਾਲ ਤੋਂ ਜੇਲ੍ਹ ‘ਚ ਬੰਦ ਹਨ ਪਰ ਦਿਲ ਦੀ ਤਕਲੀਫ਼ ਹੋਣ ਕਾਰਨ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 2015 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਪਰਕਾਸ਼ ਸਿੰਘ ਬਾਦਲ ਜੀ ਨੇ ਨਿੱਜੀ ਤੌਰ ‘ਤੇ ਯਤਨ ਕਰਕੇ ਭਾਈ ਸਾਹਿਬ ਨੂੰ ਕਰਨਾਟਕ ਦੀ ਗੁਲਬਰਗ ਜੇਲ੍ਹ ‘ਚੋਂ ਪੰਜਾਬ ਵਿੱਚ ਲਿਆਂਦਾ ਗਿਆ ਸੀ।ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰੀ ਹਸਪਤਾਲ ਦੇ ਜਨਰਲ ਵਾਰਡ ‘ਚ ਦਾਖ਼ਲ ਭਾਈ ਸਾਹਿਬ ਨੂੰ ਚੜ੍ਹਦੀ ਕਲਾ ‘ਚ ਦੇਖ ਕੇ ਖੁਸ਼ੀ ਹੋਈ। ਪਰ ਗ਼ਲਬਾਤ ਦੌਰਾਨ ਪਤਾ ਲੱਗਾ ਕਿ ਹਸਪਤਾਲ ਦੇ ਮੌਜੂਦਾ ਵਾਰਡ ‘ਚ ਉਨ੍ਹਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਹਸਪਤਾਲ ਪ੍ਰਸ਼ਾਸਨ ਨੂੰ ਭਾਈ ਸਾਹਿਬ ਨੂੰ ਕਿਸੇ ਹੋਰ ਵਾਰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲਈ ਬੰਦੀ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ। ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਮੇਰੀ ਬੇਨਤੀ ਹੈ ਕਿ ਸਜ਼ਾਵਾਂ ਪੂਰੀਆਂ ਕਰਕੇ ਚੁੱਕੇ ਸਭ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ।