ਡੇਹਲੋ ,17 ਅਗਸਤ ( ਬਾਰੂ ਸੱਗੂ) ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ‘ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਦੀ ਮੰਗ ਅਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ 19 ਅਗਸਤ ਨੂੰ ਦਿੱਤੇ ਜਾਣਗੇ। ਇਸੇ ਕੜੀ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਪਿੰਡ ਸੰਗੋਵਾਲ ਵਿੱਚ 19 ਅਗਸਤ ਨੂੰ ਧਰਨਾ ਲਗਾਕੇ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੀ ਮੀਟਿੰਗ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਸਰਕਾਰਾਂ ਵੱਲੋਂ ਨਾ ਹੀ ਹੜ੍ਹਾਂ ਦੀ ਰੋਕਥਾਮ ਲਈ ਅਗਾਉ ਪ੍ਰਬੰਧ ਕੀਤੇ ਹਨ। ਜਿਸ ਕਰਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਘਰ ਅੱਗੇ ਪਿੰਡ ਸੰਗੋਵਾਲ ਵਿੱਚ ਧਰਨਾ ਲਗਾਕੇ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਚਿਤਾਵਨੀ ਪੱਤਰ ਦੇਣਗੀਆ। ਆਗੂਆਂ ਨੇ ਕਿਹਾ ਕਿ ਇਸ ਐਕਸ਼ਨ ਦੀ ਤਿਆਰੀ ਲਈ ਕੰਮ ਵੰਡ ਕਰ ਲਈ ਹੈ। ਇਸ ਧਰਨੇ ਸਬੰਧੀ ਕਿਰਤੀ ਕਿਸਾਨਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਲਖ ਨੇ ਕਿਹਾ ਕਿ ਸਰਕਾਰ ਨੇ ਭਾਰਤ ਮਾਲਾ ਪ੍ਰਜੈਕਟ ਅਧੀਨ ਕਿਸਾਨਾਂ ਦੀ ਜ਼ਮੀਨ ਦਾ ਮੁੱਲ ਮਾਰਕੀਟ ਰੇਟ ਮੁਤਾਬਕ ਤਹਿ ਕਰਨਾ ਸੀ। ਪਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਆਪਣੀ ਜਮੀਨ ਤੇ ਸਰਕਾਰ ਨੂੰ ਜਬਰੀ ਕਬਜ਼ਾ ਨਹੀਂ ਕਰਨ ਦੇਣਗੇ।
ਇਸ ਮੌਕੇ ਹੋਰਨਾ ਤੋ ਇਲਾਵਾ ਗੁਰਉਪਦੇਸ਼ ਸਿੰਘ ਘੁੰਗਰਾਣਾ, ਅਮਰੀਕ ਸਿੰਘ ਜੜਤੌਲੀ, ਜਗਤਾਰ ਸਿੰਘ ਚਕੌਹੀ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਬਲਜੀਤ ਸਿੰਘ ਸਾਇਆਂ, ਨੱਛਤਰ ਸਿੰਘ, ਸੁਖਦੇਵ ਸਿੰਘ ਭੋਮਾ, ਰਣਜੀਤ ਸਿੰਘ ਸਾਇਆ, ਸ਼ਵਿੰਦਰ ਸਿੰਘ ਤਲਵੰਡੀ, ਰੋਕੀ ਗਰੇਵਾਲ ਆਦਿ ਹਾਜ਼ਰ ਸਨ।