ਗੁਰਦਾਸਪੁਰ, 18 ਅਗਸਤ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) – ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੈਟਰਨ-ਇੰਨ-ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ।ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹ ਸਕੀਮ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਹੈ।ਇਸ ਸਕੀਮ ਦਾ ਮੰਤਵ ਲੋਕਾਂ ਨੂੰ ਫੌਜਦਾਰੀ ਕੇਸਾਂ ਵਿੱਚ ਵਧੀਆ ਅਤੇ ਮੁਫਤ ਕਾਨੂੰਨੀ ਸਹਾਇਤਾ ਦੇਣਾ ਹੈ।ਅਰੁਣ ਪੱਲੀ ਅਤੇ ਜਸਟਿਸ ਹਰਪ੍ਰੀਤ ਕੌਰ ਜੀਵਨ,ਮਾਣਯੋਗ ਜੱਜ,ਪੰਜਾਬ ਅਤੇ ਹਰਿਆਣਾ ਹਾਈਕੋਰਟ ਜੀਆਂ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ।ਇਸ ਮੌਕੇ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਲੀਗਲ ਏਡ ਡਿਫੈਂਸ ਕਾਊਂਸਲ ਅਤੇ ਉਨ੍ਹਾਂ ਦੀ ਟੀਮ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸਹੀ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ ਅਤੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਕੀਤੀ ਜਾ ਸਕੇ।ਅਗਰਵਾਲ ਨੇ ਇਹ ਵੀ ਦੱਸਿਆ ਕਿ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਵਿੱਚ ਲਾਏ ਗਏ ਵਕੀਲਾਂ ਨੂੰ ਮੁਲਜਿਮਾਂ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ, ਗ੍ਰਿਫ਼ਤਾਰੀ ਤੋਂ ਬਾਅਦ, ਰਿਮਾਂਡ ਮੌਕੇ, ਮੁਕੱਦਮੇ ਦੇ ਅੰਤ ਤੱਕ ਅਤੇ ਅਪੀਲ ਦੀ ਸਹਾਇਤਾ ਮੁਹੱਈਆ ਕਰਵਾਉਣ ਤੱਕ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਿਸਟਮ ਕਾਨੂੰਨੀ ਸਹਾਇਤਾ ਦੀ ਉਪਲੱਬਧਤਾ ਅਤੇ ਪਹੁੰਚ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਤਰੀਕੇ ਨਾਲ ਵਧਾਏਗਾ ਅਤੇ ਸਮਾਜ ਦੇ ਪਛੜੇ ਵਰਗ ਨੂੰ ਪੇਸ਼ੇਵਰ ਤਰੀਕੇ ਨਾਲ ਮਿਆਰੀ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਾਉਣ ਵਿੱਚ ਮਦਦ ਕਰੇਗਾ।ਇਸ ਮੌਕੇ ਉੱਤੇ ਸੁਮਿੱਤ ਭੱਲਾ, ਸਿਵਲ ਜੱਜ (ਸੀਡਵੀ) ਸੀ.ਜੇ.ਐੱਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਨਵੇ ਨਿਯੁਕਤ ਹੋਏ ਲੀਗਲ ਏਡ ਡਿਫੈਂਸ ਕੌਸ਼ਲ ਸਿਸਟਮ ਦੇ ਵਕੀਲ ਸਹਿਬਾਨ ਵੀ ਮੌਜੂਦ ਸਨ।