ਜਗਰਾਉਂ, 22 ਅਗਸਤ ( ਜਗਰੂਪ ਸੋਹੀ)-ਭਾਵੇਂ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰ ਰਹੀ ਹੈ ਅਤੇ ਡੀ.ਜੀ.ਪੀ.ਪੰਜਾਬ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਕੋਈ ਢਿੱਲ ਨਾ ਵਰਤਣ ਦੀ ਗੱਲ ਆਖੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ 15 ਅਗਸਤ ਨੂੰ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਕਿ ਆਉਣ ਵਾਲੀ 15 ਅਗਸਤ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਪਰ ਜਿਸ ਤਰ੍ਹਾਂ ਪੰਜਾਬ ਦੇ ਹਰ ਗਲੀ-ਮੁਹੱਲੇ ਵਿੱਚ ਨਸ਼ੇ ਵਿਕ ਰਹੇ ਹਨ, ਉਹ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਸਬੰਧ ਵਿੱਚ ਕੀਤੇ ਜਾ ਰਹੇ ਹਰ ਤਰ੍ਹਾਂ ਦੇ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ। ਅਜਿਹੀ ਹੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਜਗਰਾਓਂ ਸ਼ਹਿਰ ਦੇ ਮੁੱਖ ਝਾਂਸੀ ਰਾਣੀ ਚੌਂਕ ਵਿੱਚ ਦੁਪਹਿਰ ਵੇਲੇ ਉਸ ਸਮੇਂ ਸਾਹਮਣੇ ਆਈ ਜਦੋਂ ਸੜਕ ਦੇ ਵਿਚਕਾਰ ਇੱਕ 22-23 ਸਾਲ ਦਾ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਵਿਚਕਾਰ ਸੜਕ ਤੜਫਦਾ ਦੇਖਿਆ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ 108 ਐਂਬੂਲੈਂਸ ਬੁਲਾਈ ਗਈ ਅਤੇ ਨੌਜਵਾਨ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਕੀ ਕਹਿਣਾ ਹੈ ਐਸ.ਐਮ.ਓ.- ਇਸ ਸਬੰਧੀ ਸਿਵਲ ਹਸਪਤਾਲ ਦੀ ਐਸ.ਐਮ.ਓ ਡਾ.ਪ੍ਰਤਿਭਾ ਸਾਹੂ ਵਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿੱਥੇ ਨੌਜਵਾਨ ਨੂੰ ਚਿੱਟੇ ਨਸ਼ੇ ਦੀ ਓਵਰਡੋਜ਼ ਕਾਰਨ ਗੰਭੀਰ ਹਾਲਤ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ। ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਵਰਤ ਰੱਖਿਆ ਜਾ ਰਿਹਾ ਹੈ ਅਤੇ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।