ਮੋਗਾ, 23 ਅਗਸਤ ( ਵਿਕਾਸ ਮਠਾੜੂ, ਮੋਹਿਤ ਜੈਨ ) -ਕੇਂਦਰੀ ਸੰਚਾਰ ਬਿਊਰੋ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਰਸਮੀ ਉਦਘਾਟਨ ਅੱਜ ਇੱਥੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤਾ।
‘9 ਸਾਲ – ਸੇਵਾ, ਸੁਸ਼ਾਸਨ, ਗਰੀਬ ਭਲਾਈ’ ਸਿਰਲੇਖ ਹੇਠ ਇਹ ਪ੍ਰਦਰਸ਼ਨੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੈਂਦੇ ਅੰਬੇਡਕਰ ਭਵਨ ਵਿੱਚ ਲਗਾਈ ਗਈ ਹੈ। ਇੱਥੇ ਇਹ ਪ੍ਰਦਰਸ਼ਨੀ 25 ਅਗਸਤ ਤੱਕ ਚੱਲੇਗੀ। ਇਸ ਵਿੱਚ ਆਮ ਲੋਕਾਂ ਦਾ ਦਾਖਲਾ ਬਿਲਕੁਲ ਫ੍ਰੀ ਰੱਖਿਆ ਗਿਆ ਹੈ।
ਪ੍ਰਦਰਸ਼ਨੀ ਦੇਖਣ ਆਏ ਲੋਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਕੇਂਦਰ ਸਰਕਾਰ ਵੱਲੋਂ ਆਮ ਜਨਤਾ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਅਤੇ ਪਿਛਲੇ 9 ਸਾਲਾਂ ਵਿੱਚ ਦਰਜ ਕੀਤੀਆਂ ਪ੍ਰਾਪਤੀਆਂ ਨੂੰ ਇਨਫੋਗ੍ਰਾਫਿਕ ਫੋਟੋਆਂ ਰਾਹੀਂ ਦਿਖਾਇਆ ਗਿਆ ਹੈ। ਪ੍ਰਦਰਸ਼ਨੀ ਵਿੱਚ ਮੋਗਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਵਿਕਾਸ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਮੋਗਾ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਅਭਿਲਾਸ਼ੀ ਜ਼ਿਲ੍ਹਾ ਐਲਾਨਿਆ ਗਿਆ ਹੈ, ਵੱਲੋਂ ਵੀ ਇਸ ਸਮੇਂ ਦੌਰਾਨ ਅਜਿਹੀਆਂ ਸਕੀਮਾਂ ਨਾਲ ਸਬੰਧਤ ਦਰਜ ਕੀਤੀਆਂ ਗਈਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਅਜਿਹੀ ਜਾਣਕਾਰੀ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਜਾਗਰੂਕ ਹੋ ਸਕਣ ਕਿ ਦੇਸ਼ ਕਿਸ ਤਰ੍ਹਾਂ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ |
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਵੱਲੋਂ ਲਗਾਏ ਗਏ ਵੱਖ-ਵੱਖ ਉਤਪਾਦਾਂ ਦੇ ਸਟਾਲਾਂ ਨੂੰ ਵਿਸ਼ੇਸ਼ ਤੌਰ ‘ਤੇ ਦੇਖਿਆ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਮੰਡੀਕਰਨ ਲਈ ਚੰਗੀਆਂ ਸਹੂਲਤਾਂ ਪ੍ਰਦਾਨ ਕਰਨ ਬਾਰੇ ਵੀ ਭਰੋਸਾ ਦਿਵਾਇਆ। ਪ੍ਰਦਰਸ਼ਨੀ ਵਿੱਚ ਜ਼ਿਲ੍ਹਾ ਰੋਜ਼ਗਾਰ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਕੁਝ ਹੋਰਨਾਂ ਵਿਭਾਗਾਂ ਵੱਲੋਂ ਸਟਾਲ ਵੀ ਲਗਾਏ ਗਏ ਹਨ। ਇੱਥੇ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ, ਜਿਹੜੇ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਮੰਤਰਾਲਾ ਦੀ ਇਸ ਪ੍ਰਦਰਸ਼ਨੀ ਦੇ ਨੋਡਲ ਅਫ਼ਸਰ ਰਾਜੇਸ਼ ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਅਜਿਹੀਆਂ ਪ੍ਰਦਰਸ਼ਨੀਆਂ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕ ਦੇਖ ਅਤੇ ਸਮਝ ਸਕਣ ਕਿ ਸਾਡਾ ਦੇਸ਼ ਕਿਸ ਤਰ੍ਹਾਂ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਦੱਸਿਆ ਕਿ ਭਲਕੇ ਇਸ ਪ੍ਰਦਰਸ਼ਨੀ ਦੌਰਾਨ ਟ੍ਰੈਫਿਕ ਪੁਲਿਸ ਦੇ ਅਧਿਕਾਰੀਆ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਇੱਕ ਵਿਸ਼ੇਸ਼ ਸੰਬੋਧਨ ਕੀਤਾ ਜਾਵੇਗਾ।ਪ੍ਰਦਰਸ਼ਨੀ ਦੌਰਾਨ ਇੱਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ, ਕੇਂਦਰੀ ਸੰਚਾਰ ਬਿਊਰੋ ਦੇ ਸਹਿਯੋਗ ਨਾਲ ਸਨਮਾਨਿਤ ਕਰਨਗੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਜ਼ਿਲ੍ਹਾ ਉਦਯੋਗ ਕੇਂਦਰ ਦੇ ਡਾਇਰੈਕਟਰ ਅਤੇ ਜ਼ਿਲ੍ਹਾ ਉਦਯੋਗ ਅਫ਼ਸਰ, ਲੀਡ ਬੈਂਕ ਮੈਨੇਜਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।