ਲੁਧਿਆਣਾ, 26 ਅਗਸਤ ( ਭਗਵਾਨ ਭੰਗੂ, ਰੋਹਿਤ ਗੋਇਲ)-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਿੱਧਵਾਂ ਬੇਟ ਨੇੜੇ ਦੌਰਾ ਕਰਨ ਮੌਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੀ ਸਨ।
ਕਰੀਬ 9 ਮਹੀਨੇ ਪਹਿਲਾਂ ਇੱਥੇ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਤੋਂ ਬਾਅਦ ਸਿੱਧੂ ਦਾ ਆਪਣੇ ਜੱਦੀ ਪਿੰਡ ਸਿੱਧਵਾਂ ਬੇਟ ਦਾ ਇਹ ਪਹਿਲਾ ਦੌਰਾ ਸੀ। ਪਿੰਡ ‘ਚ ਦਾਖਲ ਹੋਣ ‘ਤੇ ਨਗਰ ਪੰਚਾਇਤ ਦੇ ਮੈਂਬਰਾਂ, ਪਿੰਡ ਵਾਸੀਆਂ ਅਤੇ ਹੋਰਨਾਂ ਨੇ ਢੋਲ-ਨਗਾੜੇ ਦੀ ਤਾਜ ‘ਤੇ ਸਿੱਧੂ ਅਤੇ ਸੰਸਦ ਮੈਂਬਰ ਅਰੋੜਾ ‘ਤੇ ਫੁੱਲਾਂ ਦੀ ਵਰਖਾ ਕੀਤੀ। ਸਿੱਧੂ ਦੇ ਨਾਲ ਉਨ੍ਹਾਂ ਦੀ ਮਾਤਾ, ਪਤਨੀ, ਬੱਚੇ ਅਤੇ ਭੈਣਾਂ ਸਮੇਤ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ।ਬਾਅਦ ਵਿੱਚ ਉਨ੍ਹਾਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਹੋਰ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਿੱਧੂ ਅਤੇ ਅਰੋੜਾ ਦਾ ਸਨਮਾਨ ਕੀਤਾ ਗਿਆ। ਸਿੱਧੂ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਅਰੋੜਾ ਨੇ ਸਿੱਧੂ ਦੇ ਦਾਦਾ ਡਾ.ਕੇਹਰ ਸਿੰਘ ਸਿੱਧੂ ਨੂੰ ਯਾਦ ਕੀਤਾ, ਜੋ ਇੱਕ ਸੁਤੰਤਰਤਾ ਸੈਨਾਨੀ ਸਨ। ਉਨ੍ਹਾਂ ਕਿਹਾ ਕਿ ਡਾ: ਕੇਹਰ ਸਿੰਘ ਸਿੱਧੂ ਇੱਕ ਪਰਉਪਕਾਰੀ, ਸਮਾਜ ਸੁਧਾਰਕ ਅਤੇ ਮਾਲਵਾ ਖੇਤਰ ਦੇ ਮੋਹਰੀ ਸਨ, ਜਿਨ੍ਹਾਂ ਨੇ ਖੇਤਰ ਵਿੱਚ ਵਿਸ਼ੇਸ਼ ਤੌਰ ‘ਤੇ ਔਰਤਾਂ ਲਈ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੀ ਕੰਮ ਕੀਤਾ। ਉਨ੍ਹਾਂ ਯਾਦ ਦਿਵਾਇਆ ਕਿ ਡਾ: ਸਿੱਧੂ ਦਾ ਜਨਮ ਲੁਧਿਆਣਾ ਨੇੜਲੇ ਪਿੰਡ ਸਿੱਧਵਾਂ ਬੇਟ ਵਿਖੇ ਹੋਇਆ ਸੀ।
ਅਰੋੜਾ ਨੇ ਅੱਗੇ ਕਿਹਾ ਕਿ ਡਾ: ਸਿੱਧੂ ਨੂੰ ਪਲੇਗ ਦੀ ਮਹਾਂਮਾਰੀ ਦੌਰਾਨ ਪਿੰਡ-ਪਿੰਡ ਜਾ ਕੇ ਲੋਕਾਂ ਦਾ ਇਲਾਜ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਪ੍ਰਚਾਰ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਯਾਦ ਕੀਤਾ ਕਿ 1986 ਵਿੱਚ 90 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਡਾ: ਸਿੱਧੂ ਨੂੰ ਭਾਰਤ ਸਰਕਾਰ ਵੱਲੋਂ ਵੱਕਾਰੀ ‘ਤਾਮਰ ਪੱਤਰ’ ਅਤੇ ‘ਰੈੱਡ ਕਰਾਸ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ ਸੀ।
ਅਰੋੜਾ ਨੇ ਕਿਹਾ ਕਿ ਸੀਪੀ ਮਨਦੀਪ ਸਿੰਘ ਸਿੱਧੂ ਨੇ ਸੱਚਮੁੱਚ ਆਪਣੇ ਦਾਦਾ ਅਤੇ ਪਿਤਾ ਸਵਰਗੀ ਗੁਰਚਰਨ ਸਿੰਘ ਸਿੱਧੂ ਦੇ ਨਕਸ਼ੇ ਕਦਮਾਂ ‘ਤੇ ਚੱਲੇ ਹਨ। ਉਨ੍ਹਾਂ ਕਿਹਾ ਕਿ ਇੱਕ ਪੁਲਿਸ ਅਧਿਕਾਰੀ ਵਜੋਂ ਸਿੱਧੂ ਨੇ ਹਮੇਸ਼ਾ ਸਾਰਿਆਂ ਨਾਲ ਇਨਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਰੋੜਾ ਨੇ ਨੌਜਵਾਨ ਪੀੜ੍ਹੀ ਨੂੰ ਸਿੱਧੂ ਤੋਂ ਪ੍ਰੇਰਨਾ ਲੈਣ ਲਈ ਕਿਹਾ ਜੋ ਹਮੇਸ਼ਾ ਆਪਣੇ ਪੁਰਖਿਆਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਅਫਸੋਸ ਦੀ ਗੱਲ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਸੇ ਕਰਨ ਦੀ ਕੋਸ਼ਿਸ਼ ਕਰਦੀ ਹੈ।ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਦੀ ਮੰਗ ਦਾ ਹਵਾਲਾ ਦਿੰਦਿਆਂ ਅਰੋੜਾ ਨੇ ਕਮਿਊਨਿਟੀ ਸੈਂਟਰ ਦੀ ਇਮਾਰਤ ਦੀ ਸਥਾਪਨਾ ਲਈ ਐਮ.ਪੀ.ਐਲ.ਏ.ਡੀ ਫੰਡ ਵਿੱਚੋਂ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਸ ਸਬੰਧੀ ਇਕ ਪੱਤਰ ਪਿੰਡ ਦੇ ਸਰਪੰਚ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਇਹ ਅੰਤ ਨਹੀਂ ਹੈ ਕਿਉਂਕਿ ਭਵਿੱਖ ਵਿੱਚ ਲੋੜ ਪੈਣ ‘ਤੇ ਉਹ ਹੋਰ ਫੰਡ ਜਾਰੀ ਕਰਨਗੇ।
ਅਰੋੜਾ ਨੇ ਪਿੰਡ ਵਾਸੀਆਂ ਵੱਲੋਂ ਕੀਤੇ ਨਿੱਘੇ ਸੁਆਗਤ ‘ਤੇ ਵੀ ਟਿੱਪਣੀ ਕਰਦਿਆਂ ਕਿਹਾ, “ਇਹ ਕਿਸੇ ਵਿਆਹ ਦੀ ਪਾਰਟੀ ਵਿੱਚ ਨਿੱਘੇ ਸਵਾਗਤ ਤੋਂ ਘੱਟ ਨਹੀਂ ਸੀ।” ਹਾਲਾਂਕਿ, ਉਨ੍ਹਾਂ ਕਿਹਾ ਕਿ ਸੀ.ਪੀ.ਸਿੱਧੂ ਆਪਣੀ ਸਮੁੱਚੀ ਸ਼ਖਸੀਅਤ ਅਤੇ ਇੱਕ ਇਮਾਨਦਾਰ ਪੁਲਿਸ ਅਧਿਕਾਰੀ ਵਜੋਂ ਕੰਮ ਕਰਕੇ ਅਜਿਹੇ ਸ਼ਾਨਦਾਰ ਸਵਾਗਤ ਦੇ ਹੱਕਦਾਰ ਹਨ।ਇਸ ਮੌਕੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ ਅਤੇ ਆਪਣੇ ਪਿਤਾ ਅਤੇ ਦਾਦਾ ਜੀ ਨੂੰ ਯਾਦ ਕਰਕੇ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਸਿੱਧਵਾਂ ਬੇਟ ਉਨ੍ਹਾਂ ਦੇ ਪੁਰਖਿਆਂ ਦੀ ਧਰਤੀ ਹੈ ਅਤੇ ਅੱਜ ਇਸ ਸਥਾਨ ‘ਤੇ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਲੋਕਾਂ ਨੂੰ ਕਿਹਾ ਕਿ ਉਹ ਇਸ ਖ਼ਤਰੇ ਨੂੰ ਰੋਕਣ ਲਈ ਖੁਦ ਜਾਗਰੂਕ ਬਣਨ ਕਿਉਂਕਿ ਇਕੱਲੀਆਂ ਸਰਕਾਰੀ ਏਜੰਸੀਆਂ ਇਸ ਸਥਿਤੀ ਨਾਲ ਨਜਿੱਠ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਪੰਜਾਬ ਪੁਲਿਸ ਵਿੱਚ ਕਰੀਬ 35 ਸਾਲ ਕੰਮ ਕਰਨ ਦੇ ਆਪਣੇ ਕੁਝ ਤਜ਼ਰਬੇ ਵੀ ਸਾਂਝੇ ਕੀਤੇ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਅਰੋੜਾ ਦੀ ਸ਼ਲਾਘਾ ਕੀਤੀ।
ਇਸ ਮੌਕੇ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ ਨੇ ਵੀ ਸੰਬੋਧਨ ਕੀਤਾ। ਗੋਇਲ ਨੇ ਪਿੰਡ ਵਿੱਚ ਇੱਕ ਲਾਇਬ੍ਰੇਰੀ ਅਤੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਆਪਣੀ ਕੰਪਨੀ ਦੀ ਸੀਐਸਆਰ ਗਤੀਵਿਧੀ ਦੇ ਹਿੱਸੇ ਵਜੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।