ਮਾਲੇਰਕੋਟਲਾ 7 ਸਤੰਬਰ ( ਮੋਹਿਤ ਜੈਨ )-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ/ਕਣਕ ਦੀ ਨਾੜ ਜਾਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰੀ ਮੁਲਾਜ਼ਮ ਜਿਹੜੇ ਕਿ ਸਰਕਾਰੀ ਨੌਕਰੀ ਦੇ ਨਾਲ ਨਾਲ ਖੇਤੀਬਾੜੀ ਵੀ ਕਰਦੇ ਹਨ, ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਹਦਾਇਤ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ,ਝੋਨੇ ਦੀ ਨਾੜ/ਪਰਾਲੀ ਨੂੰ ਆਪਣੇ ਖੇਤਾਂ ਵਿੱਚ ਅੱਗ ਨਾ ਲਗਾਉਣ । ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦੇ ਪਾਏ ਗਏ ਉਨ੍ਹਾਂ ਵਿਰੁੱਧ ਵਿਭਾਗੀ ਸੇਵਾ ਨਿਯਮਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਸਮਾਜ ਵਿੱਚ ਲੋਕ ਲਹਿਰ ਪੈਦਾ ਕਰਕੇ ਹੀ ਕਿਸੇ ਮੁਕਾਮ ਤੱਕ ਪੁੱਜਿਆ ਜਾ ਸਕਦਾ ਹੈ , ਇੱਕ ਸਾਰਥਕ ਸੋਚ ਹੀ ਸਵੱਛ ਤੇ ਖ਼ੁਸ਼ਹਾਲ ਪੰਜਾਬ ਦੀ ਰਚਨਾ ਵਿੱਚ ਅਹਿਮ ਰੋਲ ਅਦਾ ਕਰੇਗੀ । ਉਹ ਦਿਨ ਦੂਰ ਨਹੀਂ ਜਦੋਂ ਮਾਲੇਰਕੋਟਲਾ ਦਾ ਨਾਮ ਅੱਗ ਨਾ ਲਗਾਉਣ ਦੀ ਸੂਚੀ ਵਿੱਚ ਸਭ ਤੋਂ ਅੱਗੇ ਉੱਭਰ ਕੇ ਆਵੇਗਾ । ਇਹ ਸਭ ਜ਼ਿਲ੍ਹੇ ਦੇ ਸਮੁੱਚੇ ਕਿਸਾਨਾਂ ਅਤੇ ਮੁਲਾਜ਼ਮਾਂ ਦੀ ਸੋਚ ਸਦਕਾ ਹੀ ਸੰਭਵ ਹੋ ਪਾਵੇਗਾ ।ਉਨ੍ਹਾਂ ਸਭ ਨੂੰ ਮਿਲ ਕੇ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਆਪਣਾ ਅਹਿਮ ਰੋਲ ਅਦਾ ਕਰਨ ਦੀ ਅਪੀਲ ਕੀਤੀ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਨੈਸ਼ਨਲ ਗਰੀਨ ਟ੍ਰਿਬਿਊਨਲ ਜਾਂ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਹੁਕਮਾਂ ਦੀ ਜੇਕਰ ਕਿਧਰੇ ਉਲੰਘਣਾ ਕਰਦੇ ਹੋਏ ਪਰਾਲੀ/ਨਾੜ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਿਆ ਜਾ ਰਿਹਾ ਹੋਵੇ ਤਾਂ ਉਹ ਤੁਰੰਤ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਪਰਾਲੀ/ਨਾੜ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ । ਉਨ੍ਹਾਂ ਜ਼ਿਲ੍ਹੇ ਦੇ ਕਰਮਚਾਰੀ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਦੇ ਮਾੜੇ ਪ੍ਰਭਾਵ ਅਤੇ ਹੋਣ ਵਾਲੇ ਨੁਕਸਾਨ ਬਾਰੇ ਆਪਣੀ ਨੈਤਿਕ /ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰੇਗਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ/ਨਾੜ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ।