ਬਠਿੰਡਾ,07 ਸਤੰਬਰ (ਰਾਜੇਸ਼ ਜੈਨ) : ਸੀਆਈਏ ਸਟਾਫ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਹਰਜੀਵਨ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ, ਜਦੋਂ ਪੁਲਿਸ ਪਾਰਟੀ ਸ਼ਹਿਰ ਦੇ ਸੰਤਪੁਰਾ ਰੋਡ ਨੇੜੇ ਪਹੁੰਚੀ ਤਾਂ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਤਲਾਸ਼ੀ ਦੌਰਾਨ ਉਨ੍ਹਾਂ ਡੇਢ ਕਿਲੋ ਅਫੀਮ ਬਰਾਮਦ ਕੀਤੀ।ਪੁਲਿਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਨਰਿੰਦਰ ਪਾਲ ਸਿੰਘ, ਸੁਖਵਿੰਦਰ ਨਛੱਤਰ ਸਿੰਘ ਅਤੇ ਲਖਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਭਦੌੜ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਸੀਆਈਏ ਸਟਾਫ ਦੇ ਸਬ ਇੰਸਪੈਕਟਰ ਹਰਜੀਵਨ ਸਿੰਘ ਨੇ ਦੱਸਿਆ ਕਿ ਤਿੰਨਾਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਤੋਂ ਪਤਾ ਕੀਤਾ ਜਾ ਸਕੇ ਕਿ ਉਹ ਅਫ਼ੀਮ ਕਿਸ ਕੋਲੋਂ ਲੈ ਕੇ ਆਏ ਸਨ ਅਤੇ ਕਿਸ ਨੂੰ ਵੇਚਣੀ ਸੀ। ਉਨ੍ਹਾਂ ਦੱਸਿਆ ਕਿ ਤਿੰਨੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਕੋਤਵਾਲੀ ਵਿਚ ਐਨਡੀਪੀਐੱਸ ਐਕਟ ਤਹਿਤ ਦਰਜ ਕਰ ਲਿਆ ਗਿਆ ਹੈ।