Home Political ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਲੋੜੀਂਦੀਆਂ ਤਿਆਰੀਆਂ ਦੀ...

ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਲੋੜੀਂਦੀਆਂ ਤਿਆਰੀਆਂ ਦੀ ਸ਼ੁਰੂਆਤ

45
0

ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ, 4 ਅਕਤੂਬਰ ( ਵਿਕਾਸ ਮਠਾੜੂ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋਵੇਗਾ ਜਿਸ ਨਾਲ ਇਹ ਯਕੀਨੀ ਹੋ ਜਾਵੇਗਾ ਕਿ ਜਮਹੂਰੀਅਤ ਢੰਗ ਨਾਲ ਚੁਣੀ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਮਾਮਲਿਆਂ ਦੀ ਵਾਗਡੋਰ ਸੰਭਾਲੇ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਆਰਜ਼ੀ ਪ੍ਰਧਾਨ ਵਾਲੀ ਅੰਤਰਿਮ ਕਮੇਟੀ ਸੰਸਥਾ ਦੇ ਕੰਮਕਾਜ ਚਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਮੁੱਖ ਸਿੱਖ ਸੰਸਥਾ ਦੀਆਂ ਚੋਣਾਂ ਜਲਦੀ ਕਰਵਾਉਣਾ ਯਕੀਨੀ ਬਣਾਏਗੀ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਵੱਕਾਰੀ ਸੰਸਥਾ ਹੁਣ ਆਪਣੇ ਅਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਸ ਸਰਵਉਚ ਸੰਸਥਾ ਦੇ ਫੈਸਲੇ ਅਕਾਲੀ ਲੀਡਰਸ਼ਿਪ ਵੱਲੋਂ ਅਗਾਊਂ ਹੀ ਲੈ ਲਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਯੁੱਗ ਦੇ ਮਹੰਤਾਂ ਨੂੰ ਬਾਹਰ ਕੱਢਣ ਲਈ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦੇ ਸਾਰੇ ਫੈਸਲੇ ਬਾਦਲ ਪਰਿਵਾਰ ਵੱਲੋਂ ਤੈਅ ਹੁੰਦੇ ਹਨ ਅਤੇ ਇਹ ਪਰਿਵਾਰ ਹੀ ਫੈਸਲੇ ਲਾਗੂ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਨਿੱਜੀ ਦਖ਼ਲ ਦੇ ਕੇ ਸੰਗਤਾਂ ਦੇ ਹਿੱਤਾਂ ਨੂੰ ਢਾਹ ਲਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਝਵਾਨ ਲੋਕ ਮਾਨਵਤਾ ਦੇ ਦੁਸ਼ਮਣ ਅਜਿਹੇ ਲੋਕਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

LEAVE A REPLY

Please enter your comment!
Please enter your name here