Home Political ਆਪ ਆਗੂ ਸੰਜੇ ਸਿੰਘ ਦੀ ਗ੍ਰਿਫਤਾਰੀ ਭਾਜਪਾ ਦੀ ਬੌਖਲਾਹਟ ਦਾ ਨਤੀਜ਼ਾ :-...

ਆਪ ਆਗੂ ਸੰਜੇ ਸਿੰਘ ਦੀ ਗ੍ਰਿਫਤਾਰੀ ਭਾਜਪਾ ਦੀ ਬੌਖਲਾਹਟ ਦਾ ਨਤੀਜ਼ਾ :- ਕਟਾਰੂਚੱਕ

42
0

ਫ਼ਤਹਿਗੜ੍ਹ ਸਾਹਿਬ, 05 ਅਕਤੂਬਰ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸ਼੍ਰੀ ਸੰਜੇ ਕੁਮਾਰ ਨੂੰ ਈ.ਡੀ. ਵੱਲੋਂ ਗ੍ਰਿਫਤਾਰ ਕਰਨਾ ਭਾਜਪਾ ਦੀ ਬੋਖਲਾਹਟ ਦਾ ਨਤੀਜਾ ਹੈ ਅਤੇ ਸਾਡੀ ਪਾਰਟੀ ਇਸ ਦੀ ਪੁਰਜੋਰ ਨਿੰਦਾ ਕਰਦੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਵੱਲੋਂ ਰਾਜ ਸਭਾ ਵਿੱਚ ਅਡਾਨੀ ਦੇ ਸਵਾਲਾਂ ਨਾਲ ਨਿਰੰਤਰ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਜਾਂਦਾ ਰਿਹਾ ਹੈ ਜਿਸ ਤੋਂ ਬੋਖਲਾਹਟ ਵਿੱਚ ਆਈ ਕੇਂਦਰ ਸਰਕਾਰ ਨੇ ਈ.ਡੀ. ਰਾਹੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 15 ਮਹੀਨਿਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੇ ਈ.ਡੀ.ਰਾਹੀਂ ਇੱਕ ਹਜ਼ਾਰ ਤੋਂ ਵੱਧ ਥਾਵਾਂ ਤੇ ਰੇਡ ਕਰਵਾਈ ਹੈ ਅਤੇ ਉਸ ਨੁੰ ਇੱਕ ਪੈਸੇ ਦੀ ਹੇਰਾ ਫੇਰੀ ਵੀ ਨਹੀਂ ਮਿਲੀ ਜਿਸ ਤੋਂ ਸਪਸ਼ਟ ਹੈ ਕਿ ਭਾਜਪਾ ਸਾਡੀ ਇਮਾਨਦਾਰ ਪਾਰਟੀ ਦੇ ਆਗੂਆਂ ਨੂੰ ਡਰਾਉਣਾ ਚਾਹੁੰਦੀ ਹੈ।
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਇਹ ਮਾਮਲਾ ਮਾਣਯੋਗ ਕੋਰਟ ਵਿੱਚ ਚੱਲ ਰਿਹਾ ਹੈ ਜਿਸ ਬਾਰੇ ਉਹ ਕੁਝ ਨਹੀਂ ਕਹਿਣਗੇ। ਪ੍ਰੰਤੂ ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਦੇ ਜਵਾਨੀ ਤੇ ਆਰਥਿਕਤਾ ਨੂੰ ਢਾਹ ਲਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਐਸ.ਵਾਈ.ਐਲ. ਬਾਰੇ ਪੁੱਛੇਂ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ, ਇਸ ਲਈ ਪੰਜਾਬ ਦਾ ਪਾਣੀ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ।
ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਤਾਂ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ੇ ਨੂੰ ਲਾਹੁਣ ਲਈ ਹੀ ਕਰਜ਼ੇ ਲੈ ਰਹੀ ਹੈ ਅਤੇ ਜੇਕਰ ਕੁਝ ਕਰਜ਼ਾ ਚੜਿਆ ਹੈ ਤਾਂ ਉਸ ਨਾਲ ਸੂਬੇ ਦੇ ਲੋਕਾਂ ਨੁੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ, 37000 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ, ਆਮ ਆਦਮੀ ਕਲੀਨਿਕ ਬਣਾਏ ਗਏ ਤੇ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ ਸਾਡੀ ਸਰਕਾਰ ਲੋਕਾਂ ਦੀਆਂ ਆਸ਼ਾਵਾਂ ਤੇ ਪੂਰਾ ਉਤਰ ਰਹੀ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੁਨੀਆ ਭਰ ਦੇ ਲੋਕਾਂ ਲਈ ਪਵਿੱਤਰ ਧਰਤੀ ਹੈ ਜਿਥੇ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬ਼ਜਾਦਿਆਂ ਨੇ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉਹ ਮਹਾਨ ਧਰਤੀ ਹੈ ਜੋ ਕਿ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਹੀ ਆਏ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਆਮ ਆਦਮੀ ਪਾਰਟੀ ਦੇ ਕੰਵਰਬੀਰ ਸਿੰਘ ਰਾਏ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।

LEAVE A REPLY

Please enter your comment!
Please enter your name here