ਮਾਲੇਰਕੋਟਲਾ 09 ਅਕਤੂਬਰ ( ਸੰਜੀਵ ਗੋਇਲ)-ਪੰਜਾਬ ਨੂੰ ਨਸ਼ਾ ਮੁਕਤ, ਪ੍ਰਦੂਸ਼ਣ ਮੁਕਤ ਅਤੇ ਮੁੜ ਤੋ ਰੰਗਲਾ,ਸਿਹਤਯਾਬ , ਸੁਪਨਿਆਂ ਦਾ ਪੰਜਾਬ ਬਣਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਕਰਨ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਹਿਮ ਰੋਲ ਅਦਾ ਕਰ ਸਕਦੇ ਹਨ । ਕੋਈ ਵੀ ਮੁਹਿੰਮ ਦੀ100 ਫੀਸਦੀ ਕਾਮਯਾਬੀ ਨੌਜਵਾਨਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਐਮ.ਐਲ.ਏ ਲਾਂਜ ਵਿਖੇ ਵਿਦਿਆਰਥੀ ਯੂਥ ਸੰਘਰਸ਼ ਸੰਮਤੀ (ਆਪ) (ਸੀ.ਵਾਈ.ਐਸ.ਐਸ) ਦੇ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਪਰਾਲੀ ਨਾ ਸਾੜਨ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਦਿਆ ਕੀਤਾ । ਉਨ੍ਹਾਂ ਸੀ.ਵਾਈ.ਐਸ.ਐਸ ਸੰਸਥਾ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਜ਼ਿੰਦਗੀ ਦੇ ਸ਼ੁਰੂਆਤੀ ਪੜਾਅ ਵਿਚ ਹੀ ਛੋਟੀ ਤੇ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।