*
ਬਲਾਚੌਰ, 7 ਨਵੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਦੀ ਝਗੜੇ ਬਾਰੇ ਪੁਲਿਸ ਸ਼ਿਕਾਇਤ ਦੇ ਸਬੰਧ ਵਿੱਚ ਉਸ ਨੂੰ 1,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ ਜਦਕਿ ਇਹ ਮਾਮਲਾ ਪਿੰਡ ‘ਚ ਹੋਏ ਝਗੜੇ ਨਾਲ ਸੰਬੰਧਤ ਸੀ, ਜਿਸ ਦਾ ਪਹਿਲਾਂ ਹੀ ਪੰਚਾਇਤੀ ਸਮਝੌਤਾ ਹੋ ਚੁੱਕਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਅਤੇ ਉਸ ਦੇ ਲੜਕੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸੀ ਅਤੇ ਇਸ ਵਿੱਚੋਂ 3,000 ਪੇਸ਼ਗੀ ਲੈ ਚੁੱਕਾ ਹੈ ਤੇ ਹੁਣ ਉਸ ਨੇ 1,000 ਰੁਪਏ ਹੋਰ ਰਿਸ਼ਵਤ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।