ਬਠਿੰਡਾ (ਧਰਮਿੰਦਰ) ਮੰਗਲਵਾਰ ਸ਼ਾਮ ਨੂੰ ਅਜੀਤ ਰੋਡ ‘ਤੇ ਟੈਟੂ ਬਣਵਾਉਣ ਜਾ ਰਹੇ ਇਕ ਨੌਜਵਾਨ ‘ਤੇ ਅੱਧੇ ਦਰਜਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ਅਤੇ ਲੱਤਾਂ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਪਰ ਉਸ ਦੀ ਹਾਲਤ ਕਾਫੀ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ‘ਚ ਭੇਜ ਦਿੱਤਾ ਗਿਆ। ਟੈਟੂ ਬਣਵਾਉਣ ਜਾ ਰਹੇ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਵਾਸੀ ਪਿੰਡ ਚੱਕ ਫਤਹਿ ਸਿੰਘ ਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨਾਲ ਲੜਾਈ ਹੋਈ ਸੀ। ਜਿਸ ਦੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਮਲਾਵਰਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।