ਜਗਰਾਉਂ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ)- ਦਿਨੋਂ ਦਿਨ ਵਧ ਰਹੀ ਟ੍ਰੈਫਿਕ ਸਮੱਸਿਆ ਨੂੰ ਦੇਖਦੇ ਹੋਏ ਜਗਰਾਉਂ ਟ੍ਰੈਫਿਕ ਪੁਲਿਸ ਸਤਰਕ ਹੁੰਦੀ ਨਜ਼ਰ ਆ ਰਹੀ ਹੈ।ਐਸ ਐਸ ਪੀ ਜਗਰਾਉਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਜਗਰਾਉਂ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ।ਟ੍ਰੈਫਿਕ ਇੰਚਾਰਜ ਜਗਰਾਉਂ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਹ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਬੁਲਟ ਮੋਟਰਸਾਈਕਲਾਂ ਨਾਲ ਪਟਾਕੇ ਮਾਰੇਗਾ ਉਸ ‘ਤੇ ਹਰ ਹਾਲਤ ‘ਚ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ ਕਿਉਂ ਕਿ ਨਾਬਾਲਗ ਬੱਚੇ ਹੀ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ।ਉਨ੍ਹਾਂ ਕਿਹਾ ਕਿ ਬਿਨਾਂ ਕਾਗਜ਼ਾਤ, 2 ਪਹੀਆ ਵਾਹਨ ’ਤੇ ਟ੍ਰਿੱਪਲ ਸਵਾਰੀ,ਬਿਨਾਂ ਨੰਬਰ ਪਲੇਟ ਆਦਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਹਨ।ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਹੋ ਰਹੀਆਂ ਮੌਤਾਂ ਨੂੰ ਘੱਟ ਕਰਨ ਲਈ ਹਰੇਕ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਵੱਲੋਂ ਵਾਹਨ ਚਲਾਉਣ ਤੋਂ ਰੋਕਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਸ਼ੇ ਦਾ ਸੇਵਨ ਕਰ ਕੇ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ,ਇਸ ਦੇ ਬਾਵਜੂਦ ਵੀ ਲੋਕ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਰੱਖਦੇ।ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਲਗਾਤਾਰ ਜ਼ਾਰੀ ਰਹੇਗੀ ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।