ਲੁਧਿਆਣਾ, 19 ਨਵੰਬਰ ( ਵਿਕਾਸ ਮਠਾੜੂ ) – ਸੂਬਾ ਸਰਕਾਰ ਵੱਲੋਂ ਵਿੱਢੀ ਗਈ ਪਰਾਲੀ ਸਾੜਨ ਵਿਰੋਧੀ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਵੱਲੋਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਉੱਘੇ ਧਾਰਮਿਕ ਸਥਾਨ ਗੁਰਦੁਆਰਾ ਨਾਨਕਸਰ ਸਾਹਿਬ ਵਲੋਂ ਕਿਸਾਨਾਂ ਨੂੰ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦਾ ਸੱਦਾ ਦਿੱਤਾ ਹੈ।
ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਬਾ ਲੱਖਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਸਾਡੇ ਵਾਤਾਵਰਨ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ।
ਸੂਬੇ ਦੇ ਕਿਸਾਨਾਂ ਨੂੰ ਲਿਖਤੀ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਝੋਨੇ ਦੀ ਪਰਾਲੀ ਦੇ ਰੂਪ ਵਿੱਚ ਖਜ਼ਾਨਾ ਬਖਸ਼ਿਆ ਹੈ ਪਰ ਸਾਡੇ ਕਿਸਾਨਾਂ ਨੇ ਇਸ ਨੂੰ ਸਰਾਪ ਸਮਝ ਲਿਆ ਹੈ। ਹਾਲਾਂਕਿ, ਸਹੀ ਜਾਗਰੂਕਤਾ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਉਨ੍ਹਾਂ ਦੇ ਸ਼ੱਕ ਨੂੰ ਦੂਰ ਕਰ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 25 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਫ਼ਸਲ ਬੀਜੀ ਜਾਂਦੀ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਪਿਰਤ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਇਲਾਵਾ ਵਾਤਾਵਰਣ ਨੂੰ ਵੀ ਗੰਧਲਾ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ, ਖਾਦ ਅਤੇ ਬਿਜਲੀ ਉਤਪਾਦਨ ਤੋਂ ਇਲਾਵਾ ਹੋਰ ਕੰਮਾਂ ਲਈ ਵੀ ਵਰਤਿਆ ਜਾ ਸਕਦਾ ਹੈ। ਗੁਰਦੁਆਰਾ ਕਮੇਟੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਨੂੰ ਬੰਦ ਕਰਨ ਦੀ ਅਪੀਲ ਕੀਤੀ ਕਿਉਂਕਿ ਤਾਪਮਾਨ ਵਿੱਚ ਵਾਧਾ, ਹਵਾ ਪ੍ਰਦੂਸ਼ਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਕਮੀ ਆਦਿ ਵਰਗੀਆਂ ਸਮੱਸਿਆਵਾਂ ਨੂੰ ਖਤਮ ਕਰਨਾ ਸਮੇਂ ਦੀ ਲੋੜ ਹੈ।
ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਹੇਠ ਲੁਧਿਆਣਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਮੁਹਿੰਮ ਵਿੱਢੀ ਹੋਈ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪ੍ਰਸ਼ਾਸਨ ਦੇ ਇਸ ਉਪਰਾਲੇ ਦਾ ਸਾਥ ਦਿੱਤਾ ਹੈ। ਹੁਣ ਸਾਡੇ ਵਾਤਾਵਰਨ ਨੂੰ ਬਚਾਉਣ ਲਈ ਧਾਰਮਿਕ ਸੰਸਥਾਵਾਂ ਵੀ ਕਿਸਾਨਾਂ ਨੂੰ ਇਸ ਵਰਤਾਰੇ ਵਿਰੁੱਧ ਜਾਗਰੂਕ ਕਰਨ ਲਈ ਅੱਗੇ ਆ ਰਹੀਆਂ ਹਨ।