ਜਗਰਾਉਂ, 25 ਨਵੰਬਰ ( ਜਗਰੂਪ ਸੋਹੀ, ਵਿਕਾਸ ਮਠਾੜੂ )-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਗਤਕਾ ਪਾਰਟੀ ਅਤੇ ਕੀਰਤਨ ਸੁਸਾਇਟੀਆਂ ਨੇ ਭਾਗ ਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸਭਾ ਯੂਥ ਨੌਜਵਾਨ ਸੇਵਕ ਜਥਾ, ਗੁਰੂ ਨਾਨਕ ਸੁਖਮਨੀ ਸੁਸਾਇਟੀ ਅਤੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰੇ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਨਗਰ ਕੀਰਤਮਨ ਦੀ ਸ਼ੁਰੀਆਤ ਕੀਤੀ ਗਈ। ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਦੀ ਹੁੰਦੀ ਹੋਈ ਦੇਰ ਸ਼ਾਮ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸੰਪੂਰਨ ਹੋਏ। ਇਸ ਦੌਰਾਨ ਝਾਂਸੀ ਚੌਕ ਵਿਖੇ ਪੁਲੀਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਵੱਖ-ਵੱਖ ਥਾਵਾਂ ’ਤੇ ਗੱਤਕਾ ਪਾਰਟੀ ਨੇ ਕਲਾ ਦੇ ਜੌਹਰ ਦਿਖਾਏ। ਸਿੱਖ ਸੰਗਤਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਵੱਡੀ ਪੱਧਰ ’ਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਭੰਡਾਰੇ ਲਗਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਐਸ.ਆਰ.ਕਲੇਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਕੰਵਲਜੀਤ ਸਿੰਘ ਮੱਲਾ, ਸਤਿੰਦਰਪਾਲ ਸਿੰਘ ਗਰੇਵਾਲ, ਦੀਪਇੰਦਰ ਸਿੰਘ ਭੰਡਾਰੀ ਅਤੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਮੈਂਬਰ, ਗੁਰਦੁਆਰਾ ਸਿੰਘ ਸਭਾ ਨੌਜ਼ਵਾਨ ਸੇਵਕ ਜਥੇ ਦੇ ਸਮੂਹ ਮੈਂਬਰ, ਗੁਰੂ ਨਾਨਕ ਸੁਖਮਨੀ ਸੁਸਾਇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਹਾਜ਼ਰ ਸਨ।