ਜਗਰਾਓ, 8 ਦਸੰਬਰ ( ਬੌਬੀ ਸਹਿਜਲ, ਧਰਮਿੰਦਰ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਮੁਲਾਜਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਜਾਂਦੀ ਆ ਰਹੀ ਹੈ।ਇਹਨਾਂ ਮੰਗਾਂ ਵਿੱਚ ਸਭ ਤੋਂ ਅਹਿਮ ਮੰਗ ਮਿਤੀ 1.1.2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨਾ ਵੀ ਸ਼ਾਮਲ ਹੈ ਜਿਸ ਦੀ ਪ੍ਰਾਪਤੀ ਲਈ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪ੍ਰੰਤੂ ਲੰਬਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵਲੋਂ ਇਹਨਾਂ ਮੰਗਾਂ ਸਬੰਧੀ ਕੋਈ ਵੀ ਹਾਂ ਪੱਖੀ ਰਵੱਈਆ ਨਹੀਂ ਦਿਖਾਇਆ ਜਾ ਰਿਹਾ ਹੈ। ਪੰਜਾਬ ਰਿਟਾਇਰਡ ਮਿਊਂਸਪਲ ਵਰਕਰਜ਼ ਯੂਨੀਅਨ ਦੇ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਵਿਜੈ ਕੁਮਾਰ ਜਗਰਾਉਂ, ਯੂਨੀਅਨ ਦੇ ਜਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਮੁੱਲਾਂਪੁਰ ਦਾਖਾ ਵਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਦੇ ਸਬੰਧ ਵਿੱਚ ਸਰਕਾਰ ਨੇ ਜੋ ਮੀਟਿੰਗ ਸੂਬਾਈ ਆਗੂਆਂ ਨਾਲ ਕਰਨੀ ਸੀ ਉਸ ਨੂੰ ਰੱਦ ਕਰ ਦਿੱਤਾ ਹੈ, ਜਿਸ ਦੀ ਜੱਥੇਬੰਦੀ ਨਿਖੇਧੀ ਕਰਦੀ ਹੈ ਅਤੇ ਨਾਲ ਹੀ ਜੋ ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਹੱਕੀ ਅਤੇ ਜਾਇਜ ਮੰਗਾਂ ਲਈ ਚੱਲ ਰਹੀ ਹੈ, ਉਸਦਾ ਸਮਰਥਨ ਕਰਦੀ ਹੈ ਅਤੇ ਹਰ ਐਕਸ਼ਨ ਵਿੱਚ ਪੁਰਜ਼ੋਰ ਹਮਾਇਤ ਕਰੇਗੀ। ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ।