ਫ਼ਤਹਿਗੜ੍ਹ ਸਾਹਿਬ, 10 ਦਸੰਬਰ ( ਰੋਹਿਤ ਗੋਇਲ) -ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਅਲਾਹਮਤ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਏ. ਡੀ. ਜੀ. ਪੀ. , ਰੂਪਨਗਰ ਰੇਂਜ, ਜਸਕਰਨ ਸਿੰਘ ਨੇ ਜ਼ਿਲ੍ਹਾ ਪੁਲੀਸ, ਫ਼ਤਹਿਗੜ੍ਹ ਸਾਹਿਬ ਵਲੋਂ ਇਥੇ ਮਾਤਾ ਗੁਜਰੀ ਕਾਲਜ ਵਿਖੇ ਫ਼ਤਿਹ ਦੌੜ (ਮੈਰਾਥੌਨ) ਦੀ ਸ਼ੁਰੂਆਤ ਕਰਵਾਉਣ ਲਈ ਰੱਖੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਲਖਬੀਰ ਸਿੰਘ ਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵੀ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ।
ਸ਼ੁਰੂਆਤੀ ਸਮਗਮ ਨੂੰ ਸੰਬੋਧਨ ਕਰਦਿਆਂ ਏ. ਡੀ. ਜੀ. ਪੀ. , ਰੂਪਨਗਰ ਰੇਂਜ, ਸ. ਜਸਕਰਨ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਬਚਣ ਲਈ ਮੁੱਢਲੀ ਲੋੜ ਇਹ ਹੈ ਕਿ ਨੌਜਵਾਨ ਸਹੀ ਅਤੇ ਗ਼ਲਤ ਵਿਚਲਾ ਫ਼ਰਕ ਪਛਾਣ ਕੇ ਗਲਤ ਰਾਹਾਂ ਤੇ ਪੱਖਾਂ ਨੂੰ ਨਾਂਹ ਕਰਨਾ ਸਿੱਖਣ। ਜੇਕਰ ਕੋਈ ਉਹਨਾਂ ਨੂੰ ਨਸ਼ਿਆਂ ਸਮੇਤ ਕਿਸੇ ਵੀ ਮਾੜੇ ਪਾਸੇ ਤੋਰਨ ਦਾ ਯਤਨ ਕਰੇ ਤਾਂ ਉਸ ਨੂੰ ਫੌਰੀ ਨਾਂਹ ਕੀਤੀ ਜਾਵੇ। ਇਸ ਦੇ ਨਾਲ-ਨਾਲ ਆਪਣੇ ਆਲੇ ਦੁਆਲੇ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ ਤਾਂ ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਜਿਹੜਾ ਕੋਈ ਨਸ਼ੇ ਵੇਚਦਾ ਹੈ ਉਸ ਦੀ ਜਾਣਕਾਰੀ ਫੌਰੀ ਪੁਲੀਸ ਨੂੰ ਦਿੱਤੀ ਜਾਵੇ। ਸਰਕਾਰ ਵੱਲੋਂ ਨਸ਼ਾ ਵਪਾਰੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਸ. ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਹਿਲਾਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ, ਜਿਨ੍ਹਾਂ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਤੇ ਅੱਜ ਕਰਵਾਈ ਫ਼ਤਿਹ ਦੌੜ (ਮੈਰਾਥੌਨ) ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਹੈ, ਜਿਹੜਾ ਕਿ ਸਪਸ਼ਟ ਸੁਨੇਹਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ।
ਦੌੜ ਵਿਚ ਹਿੱਸਾ ਲੈਣ ਵਾਲਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ। ਜੇਕਰ ਨੌਜਵਾਨੀ ਮਜ਼ਬੂਤ ਹੋਵੇਗੀ ਤਾਂ ਦੇਸ਼ ਮਜ਼ਬੂਤ ਹੋਵੇਗੀ। ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਪਰ ਇਸ ਮਿਸ਼ਨ ਦੀ ਕਾਮਯਾਬੀ ਲਈ ਨੌਜਵਾਨਾਂ ਦਾ ਸਾਥ ਅਤਿ ਜ਼ਰੂਰੀ ਹੈ। ਇਸ ਲਈ ਨੌਜਵਾਨ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ, ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਤੇ ਨਾਲ ਆਪਣੇ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਇਸ ਮੌਕੇ ਮਸ਼ਹੂਰ ਅਦਾਕਾਰ ਤੇ ਗਾਇਕ ਤਰਸੇਮ ਜੱਸੜ ਨੇ ਵੀ ਸਮਾਗਮ ਵਿਚ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤੇ ਆਪਣੇ ਗੀਤ ਵੀ ਸੁਣਾਏ। ਨੌਜਵਾਨਾਂ ਵੱਲੋਂ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁੱਕੀ ਗਈ।
ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਨਕਦ ਇਨਾਮਾਂ ਨਾਲ ਨਿਵਾਜਿਆ ਗਿਆ। ਨਾਲ ਹੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਲੜਕੀਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਰੁਣ ਗੁਪਤਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ, ਐੱਸ.ਪੀ. ਰਮਿੰਦਰ ਸਿੰਘ, ਐੱਸ. ਪੀ. ਚੰਦ ਸਿੰਘ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਬਹਾਦਰ ਖਾਨ, ਪਰਦੀਪ ਮਲਹੋਤਰਾ, ਆਸ਼ਾ ਰਾਣੀ ਕੌਂਸਲਰ, ਸਤੀਸ਼ ਮਟੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।